- ਅਧਿਆਪਕਾਂ ਦੀ ਭਰਤੀ ਦੌਰਾਨ ਹਰ ਪੱਧਰ ’ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਬਣਾਈ ਯਕੀਨੀ: ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ, 26 ਫਰਵਰੀ 2021 – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਲਈ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅੱਜ ਵੀ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ 3,704 ਮਾਸਟਰ ਕਾਡਰ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਵਿਚ ਚੁਣੇ ਗਏ 2823 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਦੌਰਾਨ ਹਰ ਪੱਧਰ ’ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸਿੱਖਿਆ ਦੇ ਖੇਤਰ ਵਿਚ ਮਿਆਰੀ ਸੁਧਾਰ ਲਿਆਉਣ ਲਈ ਯੋਗ ਉਮੀਦਵਾਰਾਂ ਨੂੰ ਚੁਣਿਆ ਜਾ ਸਕੇ। ਇਸ ਮੌਕੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਨੇ ਚੋਣ ਸੂਚੀ ਵਿਚ ਸਫ਼ਲ ਹੋਏ ਉਮੀਦਵਾਰ ਅਧਿਆਪਕਾਂ ਨੂੰ ਵਧਾਈ ਵੀ ਦਿੱਤੀ।
ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਛੇ ਵਿਸ਼ਿਆਂ ਪੰਜਾਬੀ, ਹਿੰਦੀ, ਅੰਗਰੇਜੀ, ਸਾਇੰਸ, ਗਣਿਤ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ 3,704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਲਈ ਯੋਗ ਉਮੀਦਵਾਰਾਂ ਨੂੰ 27 ਜਨਵਰੀ ਤੋਂ 2 ਫਰਵਰੀ ਤੱਕ ਸਕਰੂਟਨੀ ਲਈ ਉਮੀਦਵਾਰਾਂ ਨੂੰ ਬੁਲਾਇਆ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਸ਼ਿਆਂ ਦੀ ਮਾਸਟਰ ਕਾਡਰ ਭਰਤੀ ਪ੍ਰੀਖਿਆ 27-28 ਦਸੰਬਰ ਨੂੰ ਅਤੇ 9-10 ਜਨਵਰੀ ਨੂੰ ਸਮਾਜਿਕ ਸਿੱਖਿਆ, ਗਣਿਤ ਅਤੇ ਸਾਇੰਸ ਵਿਸ਼ਿਆਂ ਦੀ ਮਾਸਟਰ ਕਾਡਰ ਅਧਿਆਪਕ ਭਰਤੀ ਪ੍ਰੀਖਿਆ ਪੂਰੇ ਪਾਰਦਰਸ਼ੀ ਢੰਗ ਅਤੇ ਸਖ਼ਤ ਪ੍ਰਬੰਧਾਂ ਹੇਠ ਕਰਵਾਈ ਗਈ ਸੀ। ਇਹਨਾਂ ਪ੍ਰੀਖਿਆਵਾਂ ਦੌਰਾਨ ਸਾਹਮਣੇ ਆਏ ਨਕਲ ਅਤੇ ਇਮਪਰਸੋਨੇਸ਼ਨ ਕੇਸਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਗਈ ਸੀ।
ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵੱਲੋਂ ਭਰਤੀ ਦੀ ਪ੍ਰਕਿਰਿਆਂ ਨੂੰ ਪਾਰਦਰਸ਼ੀ ਢੰਗ ਨਾਲ ਚਲਾਇਆ ਗਿਆ ਅਤੇ ਬਹੁਤ ਹੀ ਘੱਟ ਸਮੇਂ ਵਿਚ ਇਸ ਭਰਤੀ ਦੀ ਚੋਣ ਸੂਚੀ ਜਾਰੀ ਕਰਕੇ ਨਿਵੇਕਲੀ ਪਹਿਲਕਦਮੀ ਕੀਤੀ ਹੈ। ਉਨਾਂ ਕਿਹਾ ਕਿ ਭਰਤੀ ਬੋਰਡ ਵੱਲੋਂ ਮਾਸਟਰ ਕਾਡਰ ਦੀਆਂ ਪੋਸਟਾਂ ਲਈ ਸੂਚੀ ਜਾਰੀ ਕਰ ਦਿੱਤੀ ਗਈ ਹੈ ਅਤੇ ਜਿਹੜੀਆਂ ਕੈਟੇਗਰੀਆਂ ਦੀਆਂ ਪੋਸਟਾਂ ਖਾਲੀ ਰਹਿ ਗਈਆਂ ਹਨ, ਉਹਨਾਂ ਲਈ ਜਲਦੀ ਹੀ ਸਕਰੂਟਨੀ ਪ੍ਰਕਿਰਿਆ ਲਈ ਉਮੀਦਵਾਰਾਂ ਨੂੰ ਸੱਦਾ ਦਿੱਤਾ ਜਾਵੇਗਾ।
ਉਮੀਦਵਾਰ ਵੱਲੋਂ ਜਿਸ ਕੈਟੇਗਰੀ ਵਿਚ ਫੀਸ ਭਰੀ ਗਈ ਹੈ ਅਤੇ ਚਲਾਨ ਅਨੁਸਾਰ ਕਨਫਰਮ ਹੋਈ ਹੈ, ਉਸ ਅਨੁਸਾਰ ਸਕਰੂਟਨੀ ਲਈ ਬੁਲਾਏ ਗਏ ਉਮੀਦਵਾਰਾਂ ਦੀ ਚੋਣ ਸੂਚੀ ਵਿਭਾਗ ਦੀ ਵੈਬਸਾਈਟ https://educationrecruitmentboard.com/ ਡਾਟ ਕਾਮ ’ਤੇ ਅਪਲੋਡ ਵੀ ਕਰ ਦਿੱਤੀ ਗਈ ਹੈ।