ਚੰਡੀਗੜ੍ਹ, 10 ਮਾਰਚ 2021 – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵੱਲ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਅਕ੍ਰਸ਼ਤ ਕਰਨ ਲਈ ਵੱਡੀ ਪੱਧਰ ’ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਦੇ ਹੇਠ ਅਧਿਆਪਕਾਂ ਨੇ ਘਰੋ-ਘਰੀ ਜਾ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਆਰੰਭ ਕਰ ਦਿੱਤਾ ਹੈ।
ਬੁਲਾਰੇ ਅਨੁਸਾਰ ਪਿਛਲੇ ਸਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੇ ਸਬੰਧ ਵਿੱਚ ਸਿੱਖਿਆ ਵਿਭਾਗ ਨੇ ਵੱਡੀ ਪ੍ਰਾਪਤੀ ਕੀਤੀ ਸੀ। ਪਿਛਲੇ ਸਾਲ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਤਕਰੀਬਨ 3.30 ਲੱਖ ਬੱਚਿਆਂ ਨੇ ਦਾਖਲਾ ਲਿਆ ਸੀ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ 15 ਫ਼ੀਸਦੀ ਦੇ ਕਰੀਬ ਰਿਕਾਰਡ ਵਾਧਾ ਦਰਜ ਕੀਤਾ ਗਿਆ ਸੀ। ਪਿਛਲੇ ਸਾਲ ਕੋਵਿਡ-19 ਕਾਰਨ ਹੋਏ ਲਾਕਡਾਊਨ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਰਾਹੀਂ ਲਗਾਤਾਰ ਪਾਠਕ੍ਰਮ ਨਾਲ ਜੋੜੀ ਰੱਖਿਆ ਗਿਆ।
ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਇਸ ਕਾਰਜ ਕਾਲ ਦੌਰਾਨ ਸਿੱਖਿਆ ਦੇ ਮਿਆਰ ਵਿੱਚ ਹੋਏ ਵਾਧੇ ਕਾਰਨ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਵਧਿਆ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ ਵਾਧਾ ਕਰਨ ਲਈ ਵਿਆਪਕ ਰੂਪ-ਰੇਖਾ ਉਲੀਕ ਕੇ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ਸਫਲਤਾ ਪੂਰਨ ਚਲਾਉਣ ਲਈੇ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ।
ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਅਧਿਆਪਕਾਂ ਵੱਲੋਂ ਘਰੋ-ਘਰੀ ਜਾਣ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ, ਬਜ਼ਾਰਾਂ ਅਤੇ ਸੜਕਾਂ ’ਤੇ ਫਲੈਕਸ ਲਾਉਣ ਅਤੇ ਪੰਚਾਂ-ਸਰਪੰਚਾਂ, ਕਾਉਸਲਰਾਂ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਦੇ ਹੋਏ ਪੋਸਟਰ, ਵੀਡੀਓਜ਼, ਸ਼ਾਰਟ ਫਿਲਮਾਂ ਤਿਆਰ ਕਰਵਾ ਕੇ ਸੋਸ਼ਲ ਮੀਡੀਆ ’ਤੇ ਲੋਡ ਕੀਤੀਆਂ ਜਾ ਰਹੀਆਂ ਹਨ।