- ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਵੀ ਸ਼ੋੋਕ ਪ੍ਰਗਟ ਕੀਤਾ
ਲੁਧਿਆਣਾ, 24 ਫਰਵਰੀ 2021 – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਪੰਜਾਬ ਸਰਕਾਰ ਦੇ ਖਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਪੰਜਾਬੀ ਗਾਇਕੀ ਦਾ ਅਨਮੋਲ ਹੀਰਾ ਤੇ ਪਾਲੀਵੁੱਡ/ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਤੇ ਪਿੱਠਵਰਤੀ ਗਾਇਕ ਸਰਦੂਲ ਸਿਕੰਦਰ ਦੇ ਅਕਾਲ ਚਲਾਣਾ ਕਰਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਸਰਦੂਲ ਸਿਕੰਦਰ (60) ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਜ਼ੇਰੇ ਇਲਾਜ਼ ਸਨ, ਜਿੱਥੇ ਉਨ੍ਹਾਂ ਅੱਜ ਸਵੇਰੇ ਕਰੀਬ 11 ਵਜੇ ਅੰਤਿਮ ਸਾਹ ਲਿਆ।
ਗਾਇਕ ਤੇ ਅਦਾਕਾਰ ਸਰਦੂਲ ਸਿੰਕਦਰ ਆਪਣੇ ਪਿੱਛੇ ਆਪਣੀ ਪਤਨੀ ਗਾਇਕ ਤੇ ਅਦਾਕਾਰ ਅਮਰ ਨੂਰੀ ਤੇ 2 ਪੁੱਤਰ ਸਾਰੰਗ ਸਿਕੰਦਰ ਅਤੇ ਅਲਾਪ ਸਿਕੰਦਰ ਛੱਡ ਗਏ ਹਨ। ਗਾਇਕ ਸਰਦੂਲ ਸਿਕੰਦਰ ਨੂੰ 25 ਫਰਵਰੀ ਨੂੰ ਉਨ੍ਹਾਂ ਦੇ ਪਿੰਡ ਖੇੜੀ ਨੌਧ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਜਾਵੇਗਾ।