ਚੰਡੀਗੜ੍ਹ, 21 ਮਈ 2022 – ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਫੋਰਟਿਸ ਹਸਪਤਾਲ ਵਿਚ ਦਾਖਲ ਸਨ ਜਿੱਥੇ ਅੱਜ ਸਵੇਰੇ ਉਹਨਾਂ ਨੇ ਆਪਣੇ ਆਖਰੀ ਸਾਹ ਲਾਏ। ਉਨ੍ਹਾਂ ਦੇ ਦੇਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਸੋਗ ਪ੍ਰਗਟ ਕੀਤਾ ਹੈ।
ਉੱਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ਦਾ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ। ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਮੈਨੂੰ ਵੀ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।