- ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਰਧਾਲੂਆਂ ਦੀ ਭੇਜੀ ਲਿਸਟ ਵਿੱਚੋਂ 437 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਅੰਮ੍ਰਿਤਸਰ, 9 ਅਪ੍ਰੈਲ 2021 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸਨ (ਵਿਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਾਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਨਾਮ ਕੱਟ ਕੇ ਕੇਵਲ 437 ਸ਼ਾਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਖਾਲਸਾ ਸਾਜਣਾ ਦਿਵਸ (ਵਿਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲਾ ਜਥਾ 12 ਅਪ੍ਰੈਲ 2021 ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਰਵਾਨਾ ਹੋਵੇਗਾ ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਉਪਰੰਤ 22 ਅਪ੍ਰੈਲ 2021 ਨੂੰ ਵਾਪਸ ਭਾਰਤ ਪਰਤੇਗਾ।