ਚੰਡੀਗੜ੍ਹ, 29 ਅਕਤੂਬਰ 2025 – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਦੇ ਆਯੋਜਨ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਮਹੱਤਵਪੂਰਨ ਫ਼ੈਸਲਾ ਲੈਂਦਿਆਂ 1 ਨਵੰਬਰ (ਸ਼ਨੀਵਾਰ) ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਲਈ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਫ਼ੈਸਲਾ ਸ਼ਹਿਰ ਵਿਚ ਗੁਰਦੁਆਰਾ ਦੀਵਾਨ ਅਸਥਾਨ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲਿਆ ਗਿਆ ਹੈ। ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਕਈ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਰਹੇਗੀ।
ਡੀ. ਸੀ ਨੇ ਹੁਕਮ ਦਿੱਤਾ ਹੈ ਕਿ ਸਾਰੇ ਸਕੂਲ ਅਤੇ ਕਾਲਜ 1 ਨਵੰਬਰ ਨੂੰ ਦੁਪਹਿਰ 12 ਵਜੇ ਤੱਕ ਖੁੱਲ੍ਹੇ ਰਹਿਣਗੇ, ਇਸ ਤੋਂ ਬਾਅਦ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਛੁੱਟੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਵਿਦਿਆਰਥੀਆਂ ਨੂੰ ਵੀ ਸਿੱਖ ਧਰਮ ਦੇ ਉਪਦੇਸ਼ਾਂ ਤੋਂ ਪ੍ਰੇਰਿਤ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ।

