- ਸਿਵਲ ਸਰਜਨ ਦਫਤਰ ਵਿਖੇ ਡੇਂਗੂ ਸਬੰਧੀ ਵਰਕਸ਼ਾਪ-ਕਮ-ਸੈਮੀਨਾਰ ਦਾ ਕੀਤਾ ਆਯੋਜਨਮਮ
- ਡੇਂਗੂ ਟੈਸਟ ਸਰਕਾਰੀ ਹਸਪਤਾਲਾਂ ਵਿਚ ਬਿਲਕੁੱਲ ਮੁਫ਼ਤ
ਨਵਾਂਸ਼ਹਿਰ, 29 ਜੁਲਾਈ 2023 : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਡੇਂਗੂ ਤੋਂ ਬਚਾਅ ਲਈ ਮੱਛਰ ਦੀ ਪੈਦਾਵਾਰ ਰੋਕਣ, ਇਸ ਬਿਮਾਰੀ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਆਮ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕਰਨ ਲਈ ਸਿਵਲ ਸਰਜਨ ਦਫਤਰ ਵਿਖੇ ਲੰਘੇ ਕੱਲ੍ਹ ਵਰਕਸ਼ਾਪ-ਕਮ-ਸੈਮੀਨਾਰ ਆਯੋਜਿਤ ਕੀਤਾ। ਇਸ ਵਰਕਸ਼ਾਪ ਵਿੱਚ ਸਿਹਤ ਵਿਭਾਗ ਦੇ ਸਟਾਫ ਸਮੇਤ ਬ੍ਰੀਡਰ ਚੈਕਰਾਂ ਅਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਵੀ ਸ਼ਮੂਲੀਅਤ ਕੀਤੀ। ਇਹ ਵਰਕਸ਼ਾਪ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਥੀਮ ‘ਤੇ ਆਧਾਰਿਤ ਸੀ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਮਕਸਦ ਡੇਂਗੂ ਨਾਲ ਨਜਿੱਠਣ ਲਈ ਕਮਰਬੰਦ ਹੋਣਾ ਹੈ। ਉਨ੍ਹਾਂ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋ ਜ਼ਿਆਦਾ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਇਸ਼ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪ੍ਰਹੇਜ਼ ਜਿਆਦਾ ਚੰਗਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਕਾਰਾ ਸਮਾਨ ਛੱਤ ‘ਤੇ ਸੁੱਟਣ ਦੀ ਬਜਾਏ ਨਸ਼ਟ ਕਰਨਾ ਚਾਹੀਦਾ ਹੈ ਜਾਂ ਕਬਾੜੀਏ ਨੁੰ ਦੇਣਾ ਚਾਹੀਦਾ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਡੇਂਗੂ ਦੀ ਬਿਮਾਰੀ ਬਾਰੇ ਬਹੁਤ ਵਿਸਥਾਰ ਢੰਗ ਨਾਲ ਦੱਸਿਆ। ਉਨ੍ਹਾਂ ਨੇ ਕਿਹਾ ਕਿ ਟੈਂਕੀਆਂ ਆਦਿ ਨੂੰ ਢੱਕ ਕੇ ਰੱਖਣ, ਪਾਣੀ ਇਕੱਠਾ ਨਾ ਹੋਣ ਦੇਣ, ਮੱਛਰਦਾਨੀ ਦੀ ਵਰਤੋਂ ਕਰਨ, ਸਰੀਰ ਨੂੰ ਪੂਰਾ ਢਕਣ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਮਾਰਨ ਵਾਲੇ ਯੰਤਰਾਂ ਦੀ ਵਰਤੋਂ ਕਰਨ ਨਾਲ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕੀ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿੱਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਸਰਕਾਰੀ ਹਸਪਤਾਲ ਤੋਂ ਤੁਰੰਤ ਫਰੀ ਚੈੱਕਅੱਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਟੈਸਟ ਬਿਲਕੁੱਲ ਮੁਫ਼ਤ ਹੈ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਕੇਵਲ ਦਿਨ ਵੇਲੇ ਕੱਟਦਾ ਹੈ। ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਡੇਂਗੂ ਦੇ ਲਾਰਵੇ ਨੂੰ ਪੈਦਾ ਕਰਨ ਵਾਲੀ ਜਗ੍ਹਾ (ਜਿਵੇਂ ਕਿ ਕੂਲਰ, ਗਮਲੇ, ਫਰਿੱਜ ਦੀ ਟ੍ਰੇਅ ਤੇ ਹੋਰ ਪਾਣੀ ਨਾਲ ਭਰੇ ਭਾਂਡੇ ਆਦਿ) ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ। ਡੇਂਗੂ ਦੀ ਰੋਕਥਾਮ ਲਈ ਇਹ ਵੀ ਜ਼ਰੂਰੀ ਹੈ ਕਿ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਉਨ੍ਹਾਂ ਨੇ ਡੇਂਗੂ ਦੀ ਰੋਕਥਾਮ ਲਈ ਜਿਲ਼੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਆਪਣੇ ਤੌਰ ‘ਤੇ ਸਿਰਤੋੜ ਯਤਨ ਕਰ ਰਿਹਾ ਹੈ ਪਰ ਕਮਿਊਨਿਟੀ ਦੀ ਮਦਦ ਅਤੇ ਜਾਗਰੂਕਤਾ ਫੈਲਣ ਨਾਲ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਅਜਿਹੇ ਕੱਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਰਹੇ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ।
ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਅਤੇ ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।