- ਅਗਲੇ ਹੁਕਮਾਂ ਤੱਕ ਓਪੀਡੀ ਸੇਵਾਵਾਂ ਮੁਅੱਤਲ; ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ
- ਐਡਵਾਂਸਡ ਕੈਂਸਰ ਸੈਂਟਰ ਬਠਿੰਡਾ ਵਿਖੇ 75 ਬੈੱਡ ਰਾਖਵੇਂ ਰੱਖਣ ਦੀ ਹਦਾਇਤ
ਚੰਡੀਗੜ੍ਹ, 28 ਅਪ੍ਰੈਲ 2021 – ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਵਿੱਚ ਓ.ਪੀ.ਡੀ. ਸੇਵਾਵਾਂ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ ਪਰ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।
ਅੱਜ ਇਥੇ ਮੈਡੀਕਲ ਆਕਸੀਜਨ ਦੀ ਉਪਲਬਧਤਾ ਅਤੇ ਹੋਰ ਜ਼ਰੂਰਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਇੱਕ ਮੀਟਿੰਗ ਦੌਰਾਨ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅਧਿਕਾਰੀਆਂ ਨੂੰ ਆਕਸੀਜਨ ਅਤੇ ਕਿਸੇ ਹੋਰ ਡਾਕਟਰੀ ਸਪਲਾਈ ਵਿੱਚ ਕੋਈ ਰੁਕਾਵਟ ਆਉਣ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਆਕਸੀਜਨ ਦੀ ਕਮੀ ਬਾਰੇ ਕੋਈ ਰਿਪੋਰਟ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦੇਣ ਤਾਂ ਜੋ ਇਸ ਨਿਪਟਣ ਸਬੰਧੀ ਕਦਮ ਚੁੱਕੇ ਜਾ ਸਕਣ।
ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਾ ਛੱਡਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਨੂੰ ਕੋਵਿਡ ਮਰੀਜ਼ਾਂ ਲਈ ਐਡਵਾਂਸਡ ਕੈਂਸਰ ਸੈਂਟਰ, ਬਠਿੰਡਾ ਵਿਚ 75 ਬੈੱਡ ਰਾਖਵੇਂ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਬੈੱਡਾਂ ਦੀ ਮੌਜੂਦਾ ਗਿਣਤੀ ਨਾਲੋਂ ਹੋਰ 900 ਬੈੱਡਾਂ ਦਾ ਵਾਧਾ ਕਰਨ ਲਈ ਕਿਹਾ ਗਿਆ ਹੈ। ਸੂਬੇ ਭਰ ਵਿੱਚ ਆਕਸੀਜਨ ਟੈਂਕਰ ਅਤੇ ਉਤਪਾਦਨ ਪਲਾਂਟ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਹਨਾਂ ਨੇ ਲੀਕਜ ਜਾਂ ਦਬਾਅ ‘ਤੇ ਕੰਟਰੋਲ ਰੱਖਣ ਲਈ ਆਕਸੀਜਨ ਦੀ ਸਪਲਾਈ, ਉਪਲਬਧਤਾ ਅਤੇ ਵਰਤੋਂ ਦਾ ਬਾਕਾਇਦਾ ਆਡਿਟ ਕਰਨ ਦੇ ਆਦੇਸ਼ ਵੀ ਦਿੱਤੇ।
ਮੀਟਿੰਗ ਵਿੱਚ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਵੀ ਸ਼ਾਮਲ ਸਨ।