ਫ਼ਿਰੋਜ਼ਪੁਰ, 19 ਜੂਨ 2021 – ਗੈਂਗਸਟਰ ਜੈਪਾਲ ਭੁੱਲਰ ਦੇ ਦੋਬਾਰਾ ਪੋਸਟਮਾਰਟਮ ਨੂੰ ਲੈ ਕੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਦੇ ਦਿੱਤਾ ਹੈ। ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ ਦੇਖ ਰੇਖ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੇ ਮੀਡੀਆ ਨਾਲ ਸਾਂਝੀ ਕੀਤੀ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਦੀ ਦੁਬਾਰਾ ਪੋਸਟਮਾਰਟਮ ਨੂੰ ਲੈ ਕੇ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਦੁਬਾਰਾ ਪਰਿਵਾਰ ਵੱਲੋਂ ਸੁਪਰੀਮ ਕੋਰਟ ਵਿੱਚ ਉਸ ਦੀ ਅਪੀਲ ਪਾਈ ਗਈ ਸੀ। ਪਰਿਵਾਰ ਮੁਤਾਬਕ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਵਿੱਚ ਕਿਹਾ ਗਿਆ ਹੈ ਕਿ ਮੁੜ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹੀ ਇਸ ਕੇਸ ਦੀ ਸੁਣਵਾਈ ਕਰੇਗਾ। ਹੁਣ ਮੁੜ ਤੋਂ ਇਸ ਕੇਸ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੋਮਵਾਰ 21 ਜੂਨ ਨੂੰ ਹੋਵੇਗੀ।
9 ਜੂਨ ਨੂੰ ਕੋਲਕਾਤਾ ਵਿੱਚ ਗੈਂਗਸਟਰ ਜੈਪਾਲ ਭੁੱਲਰ ਦਾ ਕੋਲਕਾਤਾ ਐਸਟੀਐਫ ਅਤੇ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਲਗਾਤਾਰ ਉਸ ਦੀ ਹੱਤਿਆ ਦਾ ਆਰੋਪ ਪੰਜਾਬ ਪੁਲਿਸ ਅਤੇ ਪੱਛਮੀ ਬੰਗਾਲ ਪੁਲਿਸ ‘ਤੇ ਲਗਾਇਆ ਜਾ ਰਿਹਾ ਸੀ। ਜਿਸ ਨੂੰ ਲੈ ਕੇ ਪਰਿਵਾਰ ਵੱਲੋਂ ਦੁਬਾਰਾ ਪੋਸਟਮਾਰਟਮ ਦੀ ਅਪੀਲ ਕੀਤੀ ਗਈ ਸੀ। ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਦਾ ਕਹਿਣਾ ਹੈ ਪੰਜਾਬ ਪੁਲਿਸ ਦੀ ਮਿਲੀ ਭੁਗਤ ਨਾਲ ਕੋਲਕਾਤਾ ਐਸ ਟੀ ਐਫ ਨੇ ਉਸਦੇ ਪੁੱਤਰ ਨੂੰ ਤਸ਼ਦੱਦ ਦੇ ਕੇ ਉਸਦੀ ਹਤਿਆ ਕੀਤੀ ਹੈ।