ਚੰਡੀਗੜ੍ਹ, 12 ਜਨਵਰੀ 2021 – ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਆਪਣਾ ਵਿਰੋਧ ਵਾਪਸ ਲੈਣ ਦੀ ਅਪੀਲ ਕੀਤੀ।
ਅਸ਼ਵਨੀ ਸ਼ਰਮਾ ਨੇ ਸੁਪਰੀਮ ਕੋਰਟ ਦੇ ਤਿੰਨ ਖੇਤੀਬਾੜੀ ਸੁਧਾਰ ਬਿੱਲਾਂ ਵਿੱਚ ਕਿਸਾਨਾਂ ਵੱਲੋਂ ਚੁੱਕੇ ਗਏ ਮਸਲਿਆਂ ਦੇ ਹੱਲ ਲਈ ਇੱਕ ਚਾਰ ਮੈਂਬਰੀ ਕਮੇਟੀ ਦੇ ਗਠਨ ਕਰਨ ਦੇ ਨਿਰਦੇਸ਼ਾਂ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਕਿਸਾਨਾਂ ਦੀਆਂ ਸਾਰੀਆਂ ਸ਼ੰਕਾਵਾਂ ਦਾ ਢੁਕਵਾਂ ਹੱਲ ਹੋ ਜਾਵੇਗਾ। ਸ਼ਰਮਾ ਨੇ ਦੁਹਰਾਇਆ ਕਿ ਐਮਐਸਪੀ ਜਾਂ ਮੰਡੀ ਪ੍ਰਣਾਲੀ ਦੇ ਬੰਦ ਹੋਣ ਬਾਰੇ ਕਿਸਾਨਾਂ ਦੀ ਚਿੰਤਾ ਪੂਰੀ ਤਰ੍ਹਾਂ ਬੇਬੁਨਿਆਦ ਹੈ ਅਤੇ ਕਿਹਾ ਕਿ ਬਿੱਲ ਕਿਸੇ ਵੀ ਤਰੀਕੇ ਨਾਲ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰਨ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ ਅਤੇ ਇਸ ਲਈ ਪੂਰਾ ਦੇਸ਼ ਉਨ੍ਹਾਂ ਦਾ ਰਿਣੀ ਹੈ।
ਅਸ਼ਵਨੀ ਸ਼ਰਮਾ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਕੇਂਦਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਅੱਠ ਗੇੜ ਦੀ ਹੋਈ ਗੱਲਬਾਤ ਦੌਰਾਨ ਕੋਈ ਖਾਸ ਸਫਲਤਾ ਨਹੀਂ ਮਿਲੀ ਅਤੇ ਆਸ ਜਤਾਈ ਕਿ ਸੁਪਰੀਮ ਕੋਰਟ ਦੇ ਦਖਲ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਵਿੱਚ ਮਦਦ ਮਿਲੇਗੀ।