ਨਵੀਂ ਦਿੱਲੀ, 16 ਦਸੰਬਰ 2020 – ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਦਾਖ਼ਲ ਪਟੀਸ਼ਨਾਂ ‘ਤੇ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਫਿਕਰ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਜੇਕਰ ਮਾਮਲਾ ਜਲਦ ਹੱਲ ਨਾ ਹੋਇਆ ਤਾਂ ਇਸ ਨੂੰ ਕੌਮੀ ਮੁੱਦਾ ਬਣਦਿਆਂ ਦੇਰ ਨਹੀਂ ਲੱਗੇਗੀ, ਨਾਲ ਹੀ ਅਦਾਲਤ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨੋਟਿਸ ਭੇਜਿਆ ਹੈ ਅਤੇ ਤਿੰਨਾਂ ਸਰਕਾਰਾਂ ਨੂੰ ਕੱਲ੍ਹ ਤੱਕ ਜਵਾਬ ਦੇਣ ਲਈ ਕਿਹਾ ਹੈ।
ਚੀਫ਼ ਜਸਟਿਸ ਐਸ. ਏ. ਬੋਬੜੇ, ਜਸਟਿਸ ਏ. ਐਸ. ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਾਮਣੀਅਮ ਦੇ ਬੈਂਚ ਨੇ ਸੁਣਵਾਈ ਕਰਦਿਆਂ ਕਿਹਾ ਕਿ ਇਸ ਮਾਮਲੇ ‘ਤੇ ਇਕ ਕਮੇਟੀ ਬਣਾਈ ਜਾਵੇਗੀ ਤਾਂ ਜੋ ਜਲਦ ਹੱਲ਼ ਨਿਕਲ ਸਕੇ। ਅਦਾਲਤ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਦਾ ਪੱਖ ਸੁਣਿਆ ਜਾਏਗਾ। ਅਦਾਲਤ ਨੇ ਨਾਲ ਹੀ ਸਰਕਾਰ ਨੂੰ ਪੁੱਛਿਆ ਕਿ ਅਜੇ ਤਕ ਸਮਝੌਤਾ ਕਿਉਂ ਨਹੀਂ ਹੋਇਆ। ਹੁਣ ਮਾਮਲੇ ਦੀ ਸੁਣਵਾਈ ਕੱਲ੍ਹ ਹੋਏਗੀ।