ਨਵੀਂ ਦਿੱਲੀ, 2 ਮਈ 2024 – ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ ‘ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਉਨ੍ਹਾਂ ਦੀ ਬਿਨਾਂ ਇਜਾਜ਼ਤ ਦੇ ਨਿਯੁਕਤੀ ਕੀਤੀ ਸੀ।
ਉਪ ਰਾਜਪਾਲ ਵੱਲੋਂ ਜਾਰੀ ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ। DCW ਕੋਲ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖਣ ਦਾ ਅਧਿਕਾਰ ਨਹੀਂ ਹੈ।
ਦੱਸ ਦਈਏ ਕਿ ਸਵਾਤੀ ਮਾਲੀਵਾਲ ਨੇ ਜਨਵਰੀ 2024 ਵਿੱਚ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਤਰਫੋਂ ਰਾਜ ਸਭਾ ਸਾਂਸਦ ਦੇ ਅਹੁਦੇ ਲਈ ਨਾਮਜ਼ਦ ਕੀਤਾ ਸੀ। ਸਵਾਤੀ ਮਾਲੀਵਾਲ ਨੇ ਇਸ ਸਾਲ 5 ਜਨਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।