ਮੁੰਬਈ, 14 ਨਵੰਬਰ 2024 – ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਏਅਰਪੋਰਟ ‘ਤੇ ਬੰਬ ਦੀ ਧਮਕੀ ਭਰਿਆ ਫ਼ੋਨ ਆਇਆ। ਇੱਕ ਅਣਪਛਾਤੇ ਵਿਅਕਤੀ ਨੇ ਸੀਆਈਐਸਐਫ ਕੰਟਰੋਲ ਰੂਮ ਨੂੰ ਫੋਨ ਕਰਕੇ ਕਿਹਾ ਕਿ ਹਵਾਈ ਅੱਡੇ ਨੂੰ ਉਡਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਹਵਾਈ ਅੱਡੇ ਦੀ ਸੁਰੱਖਿਆ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਫੋਨ ਕਰਨ ਵਾਲੇ ਨੇ ਦੱਸਿਆ ਕਿ ਮੁਹੰਮਦ ਨਾਂ ਦਾ ਵਿਅਕਤੀ ਮੁੰਬਈ ਤੋਂ ਅਜ਼ਰਬਾਈਜਾਨ ਜਾ ਰਿਹਾ ਸੀ ਅਤੇ ਉਸ ਕੋਲ ਵਿਸਫੋਟਕ ਸਮੱਗਰੀ ਹੈ।
ਇਸ ਸੂਚਨਾ ਤੋਂ ਬਾਅਦ ਸੀਆਈਐੱਸਐੱਫ (ਕੇਂਦਰੀ ਉਦਯੋਗਿਕ ਸੁਰੱਖਿਆ ਬਲ) ਨੇ ਤੁਰੰਤ ਪੁਲਸ ਨੂੰ ਅਲਰਟ ਕਰ ਦਿੱਤਾ। ਪੁਲਸ ਅਤੇ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨੇ ਹਵਾਈ ਅੱਡੇ ‘ਤੇ ਐਮਰਜੈਂਸੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਹਵਾਈ ਅੱਡੇ ‘ਤੇ ਆਉਣ ਅਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਅਤੇ ਯਾਤਰੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਹਵਾਈ ਅੱਡੇ ਦੇ ਵੱਖ-ਵੱਖ ਹਿੱਸਿਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਹਾਲਾਂਕਿ ਅਜੇ ਤੱਕ ਕਿਸੇ ਵਿਸਫੋਟਕ ਸਮੱਗਰੀ ਦੀ ਪੁਸ਼ਟੀ ਨਹੀਂ ਹੋਈ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਧਿਕਾਰੀਆਂ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।
ਇਹ ਧਮਕੀ ਹਾਲ ਹੀ ਵਿੱਚ ਮਿਲੀ ਬੰਬ ਧਮਕੀਆਂ ਦੀ ਲੜੀ ਦਾ ਹਿੱਸਾ ਹੈ। ਦੱਸ ਦੇਈਏ ਕਿ 14 ਅਕਤੂਬਰ ਤੋਂ ਦੇਸ਼ ਭਰ ਦੇ ਵੱਖ-ਵੱਖ ਹਵਾਈ ਅੱਡਿਆਂ ‘ਤੇ ਕਈ ਧਮਕੀ ਭਰੇ ਕਾਲਾਂ ਆ ਰਹੀਆਂ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਅਤੇ ਏਅਰਲਾਈਨਜ਼ ਚਿੰਤਤ ਹਨ। ਇਨ੍ਹਾਂ ਧਮਕੀਆਂ ਨੇ ਹਵਾਈ ਅੱਡਿਆਂ ‘ਤੇ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ ਅਤੇ ਪੁਲਸ ਅਤੇ ਸੁਰੱਖਿਆ ਏਜੰਸੀਆਂ ਹਰੇਕ ਕਾਲ ਦੀ ਜਾਂਚ ਕਰ ਰਹੀਆਂ ਹਨ।