ਨਵੀਂ ਦਿੱਲੀ, 25 ਮਈ 2025 – ਚੋਣ ਕਮਿਸ਼ਨ ਨੇ ਐਤਵਾਰ ਨੂੰ ਗੁਜਰਾਤ ਦੀਆਂ 2 ਅਤੇ ਕੇਰਲ, ਪੰਜਾਬ ਅਤੇ ਪੱਛਮੀ ਬੰਗਾਲ ਦੀਆਂ ਇਕ-ਇਕ ਵਿਧਾਨ ਸਭਾ ਸੀਟਾਂ ਲਈ 19 ਜੂਨ ਨੂੰ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਹੈ। ਕਮਿਸ਼ਨ ਵੱਲੋਂ ਜਾਰੀ ਇਕ ਬਿਆਨ ਅਨੁਸਾਰ, ਗੁਜਰਾਤ ਵਿਧਾਨ ਸਭਾ ਦੀਆਂ ਕਾਦੀ (ਅਨੁਸੂਚਿਤ ਜਾਤੀ) ਅਤੇ ਵਿਸਾਵਦਾਰ, ਕੇਰਲ ਦੀ ਨਿਲੰਬੂਰ ਸੀਟ, ਪੰਜਾਬ ਦੀ ਲੁਧਿਆਣਾ (ਪੱਛਮੀ) ਸੀਟ ਅਤੇ ਪੱਛਮੀ ਬੰਗਾਲ ਦੀ ਕਾਲੀਗੰਜ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣਾਂ ਲਈ ਨੋਟੀਫਿਕੇਸ਼ਨ ਸੋਮਵਾਰ 26 ਮਈ ਨੂੰ ਜਾਰੀ ਕੀਤਾ ਜਾਵੇਗਾ।

ਇਨ੍ਹਾਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ 2 ਜੂਨ ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ 5 ਜੂਨ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਇਨ੍ਹਾਂ ਸੀਟਾਂ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਕੀਤੀ ਜਾਵੇਗੀ।
ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਨ੍ਹਾਂ ਖਾਲੀ ਸੀਟਾਂ ਲਈ ਜ਼ਿਮਨੀ ਚੋਣ ਦੀ ਪੂਰੀ ਪ੍ਰਕਿਰਿਆ 25 ਜੂਨ ਤੱਕ ਪੂਰੀ ਕਰ ਲਈ ਜਾਵੇਗੀ। ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਉੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਸੀਟਾਂ ਚੁਣੇ ਹੋਏ ਨੁਮਾਇੰਦਿਆਂ ਦੇ ਦਿਹਾਂਤ ਜਾਂ ਅਸਤੀਫ਼ੇ ਕਾਰਨ ਖਾਲੀ ਹਨ।

