ਉੱਤਰਾਖੰਡ, 28 ਅਗਸਤ 2022 – ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਗੁਰੂਘਰ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਸਲ ‘ਚ ਉਤਰਾਖੰਡ ‘ਚ ਗੁਰੂਘਰ ‘ਚ ਜਨਮਾਸ਼ਟਮੀ ਮੌਕੇ ਗੁਰਦੁਆਰੇ ‘ਚ ਨੱਚ ਰਹੀ ਔਰਤ ਦੀ ਵੀਡੀਓ ਸਾਹਮਣੇ ਆਈ ਹੈ।
ਸ਼੍ਰੋਮਣੀ ਕਮੇਟੀ ਨੂੰ ਘਟਨਾ ਦੀ ਇੱਕ ਵੀਡੀਓ ਮਿਲੀ, ਜਿਸ ਵਿੱਚ ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਅਧੀਨ ਪੈਂਦੇ ਬਲਰਾਮ ਨਗਰ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਵੱਲੋਂ ਡਾਂਸ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਿੱਖ ਮਿਸ਼ਨ ਕਾਸ਼ੀਪੁਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਇਹ ਗੱਲ ਸਪੱਸ਼ਟ ਹੋ ਗਈ ਕਿ ਇਹ ਗੁਰਦੁਆਰਾ ਸਹਿਜਧਾਰੀ ਸਿੱਖਾਂ ਵੱਲੋਂ ਚਲਾਇਆ ਜਾ ਰਿਹਾ ਸੀ, ਜਿੱਥੇ ਮੰਦਰ ਅਤੇ ਗੁਰਦੁਆਰਾ ਸਾਹਿਬ ਇਕੱਠੇ ਬਣਾਏ ਗਏ ਸਨ।
ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ਿਲ੍ਹਾ ਊਧਮ ਸਿੰਘ ਨਗਰ ਅਧੀਨ ਪੈਂਦੇ ਬਲਰਾਮ ਨਗਰ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਸਿੰਘ ਸਭਾ ਗਦਰਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਦਿੱਤਾ ਹੈ। ਇਸ ਦੇ ਨਾਲ ਹੀ ਨੇੜਲੇ 40 ਹੋਰ ਗੁਰਦੁਆਰਾ ਸਾਹਿਬ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਇਲਾਕੇ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜੀ ਦੀ ਸਮਾਪਤੀ ਗੁਰਦੁਆਰਾ ਸਾਹਿਬ ਦੇ ਅੰਦਰ ਕੀਤੀ ਗਈ ਅਤੇ ਸਮਾਗਮ ਦੇ ਅੰਤ ਵਿੱਚ ਗੁਰੂਘਰ ਵਿੱਚ ਔਰਤਾਂ ਵੱਲੋਂ ਡਾਂਸ ਵੀ ਪੇਸ਼ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਰਵਾਈ ਕਰਦਿਆਂ ਉਤਰਾਖੰਡ ਦੇ ਉਕਤ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਿਸੇ ਹੋਰ ਗੁਰੂਘਰ ਵਿੱਚ ਕਰਨ ਦਾ ਹੁਕਮ ਦਿੱਤਾ ਹੈ। ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਗੁਰਦੁਆਰਾ ਬਲਰਾਮ ਨਗਰ ਤੋਂ ਗੁਰਦੁਆਰਾ ਸਿੰਘ ਸਭਾ ਗਦਰਪੁਰ ਵਿਖੇ ਕਰ ਦਿੱਤਾ ਗਿਆ। ਜਾਂਚ ‘ਚ ਸਾਹਮਣੇ ਆਇਆ ਕਿ ਆਲੇ-ਦੁਆਲੇ ਦੇ ਇਲਾਕੇ ‘ਚ ਅਜਿਹੇ 40 ਹੋਰ ਗੁਰਦੁਆਰੇ ਹਨ, ਜਿੱਥੇ ਮੰਦਰ ਅਤੇ ਗੁਰਦੁਆਰੇ ਇਕੱਠੇ ਬਣੇ ਹੋਏ ਹਨ। ਅਜਿਹੇ ਗੁਰੂਘਰਾਂ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।