ਜੰਮੂ, 28 ਦਸੰਬਰ 2022 – ਜੰਮੂ ਜ਼ਿਲ੍ਹੇ ਦੇ ਸਿਧਰਾ ਇਲਾਕੇ ‘ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਜਾਣਕਾਰੀ ਮਿਲ ਰਹੀ ਹੈ ਕਿ ਦੋ ਅੱਤਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਮਿਲੀ ਜਾਣਕਾਰੀ ਮੁਤਾਬਕ ਮੁਕਾਬਲੇ ਦੌਰਾਨ ਅੱਤਵਾਦੀ ਜਿਸ ਟਰੱਕ ‘ਚ ਸਵਾਰ ਸਨ, ਉਸ ਨੂੰ ਅੱਗ ਲੱਗ ਗਈ।
ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਸਿਧਰਾ ਖੇਤਰ ‘ਚ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਸੁਰੱਖਿਆ ਬਲ ਸ਼ੱਕੀ ਸਥਾਨ ਵੱਲ ਵਧੇ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ।
ਪੁਲਸ ਨੇ ਦੱਸਿਆ ਕਿ ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਕੁਝ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ।
ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਅੱਤਵਾਦੀ ਇੱਕ ਟਰੱਕ ਵਿੱਚ ਕਸ਼ਮੀਰ ਵੱਲ ਜਾ ਰਹੇ ਸਨ। ਸੰਭਵ ਹੈ ਕਿ 26 ਜਨਵਰੀ ਨੂੰ ਜਾਂ ਇਸ ਦੇ ਆਸ-ਪਾਸ ਉਹ ਕੋਈ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਟਰੱਕ ਵਿੱਚੋਂ ਵੱਡੀ ਗਿਣਤੀ ਵਿੱਚ ਅਸਲਾ ਬਰਾਮਦ ਹੋਇਆ ਹੈ।