ਨਵੀਂ ਦਿੱਲੀ, 17 ਦਸੰਬਰ 2020 – ਸੁਪਰੀਮ ਕੋਰਟ ਵਿਚ ਕਿਸਾਨ ਅੰਦੋਲਨ ’ਤੇ ਹੋ ਰਹੀ ਸੁਣਵਾਈ ਦੌਰਾਨ ਚੀਫ਼ ਜਸਟਿਸ ਆਫ਼ ਇੰਡੀਆ ਨੇ ਕਿਹਾ ਹੈ ਕਿ ਉਹ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ ਹੈ। ਜਿਸ ਵਿਚ ਦਖ਼ਲ ਨਹੀਂ ਦਿੱਤਾ ਜਾ ਸਕਦਾ ਪਰ ਪ੍ਰਦਰਸ਼ਨ ਦੇ ਤਰੀਕੇ ’ਤੇ ਗ਼ੌਰ ਕੀਤਾ ਜਾ ਰਿਹਾ ਹੈ। ਤਿੰਨ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਜਾਇਜ਼ਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਸਮੇਂ ਕਾਨੂੰਨਾਂ ਦੀ ਵੈਧਤਾ ਦਾ ਫੈਸਲਾ ਨਹੀਂ ਕੀਤਾ ਜਾਵੇਗਾ।
ਸੁਣਵਾਈ ਦੌਰਾਨ ਚੀਫ ਜਸਟਿਸ ਐਸ.ਏ. ਬੋਬੜੇ ਨੇ ਕਿਹਾ ਕਿ ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ, ਪਰ ਇਹ ਕਿਵੇਂ ਹੋਵੇ, ਇਸ ਉੱਤੇ ਵਿਚਾਰ-ਵਟਾਂਦਰੇ ਕੀਤੇ ਜਾ ਸਕਦੇ ਹਨ। ਅਦਾਲਤ ਨੇ ਕਿਹਾ ਕਿ ਅਸੀਂ ਪ੍ਰਦਰਸ਼ਨ ਕਰਨ ਦੇ ਅਧਿਕਾਰ ਨੂੰ ਘਟਾ ਨਹੀਂ ਸਕਦੇ। ਸਿਰਫ ਇਕ ਚੀਜ਼ ਜੋ ਅਸੀਂ ਨੋਟਿਸ ਕਰ ਸਕਦੇ ਹਾਂ ਉਹ ਇਹ ਹੈ ਕਿ ਇਸ ਨਾਲ ਕਿਸੇ ਦੀ ਜ਼ਿੰਦਗੀ ਨੂੰ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ। ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਅਸੀਂ ਖੇਤੀਬਾੜੀ ਮਾਹਿਰਾਂ ਤੇ ਕਿਸਾਨ ਯੂਨੀਅਨਾਂ ਦੇ ਇੱਕ ਨਿਰਪੱਖ ਤੇ ਸੁਤੰਤਰ ਪੈਨਲ ਦੇ ਗਠਨ ‘ਤੇ ਵਿਚਾਰ ਕਰ ਰਹੇ ਹਾਂ ਤਾਂ ਜੋ ਖੇਤੀਬਾੜੀ ਕਾਨੂੰਨਾਂ ਵਿੱਚ ਖਾਮੀਆਂ ਨੂੰ ਹੱਲ ਕੀਤਾ ਜਾ ਸਕੇ।
ਸੀਜੇਆਈ ਨੇ ਕਿਹਾ ਕਿ ਅਸੀਂ ਸਾਰੀਆਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਹੀ ਆਦੇਸ਼ ਜਾਰੀ ਕਰਾਂਗੇ। ਅਦਾਲਤ ਨੇ ਕਿਹਾ ਕਿ ਅਸੀਂ ਕਿਸਾਨ ਜੱਥੇਬੰਦੀਆਂ ਦੀ ਗੱਲ ਸੁਣਨ ਤੋਂ ਬਾਅਦ ਆਦੇਸ਼ ਜਾਰੀ ਕਰਾਂਗੇ। ਇਸ ਮਾਮਲੇ ਦੀ ਸੁਣਵਾਈ ਵੈਕੇਸ਼ਨ ਬੈਂਚ ਵਿੱਚ ਹੋਵੇਗੀ। ਐਸਜੀ ਨੇ ਕਿਹਾ ਕਿ ਸ਼ਨੀਵਾਰ ਨੂੰ ਕੇਸ ਦੀ ਸੁਣਵਾਈ ਹੋ ਸਕਦੀ ਹੈ।