ਨਵੀਂ ਦਿੱਲੀ, 8 ਜਨਵਰੀ 2021 – ਮੀਂਹ ਅਤੇ ਕੜਾਕੇ ਦੀ ਠੰਢ ਦੇ ਵਿਚਕਾਰ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਿਛਲੇ 43 ਦਿਨਾਂ ਤੋਂ ਡਟੀਆਂ ਹੋਈਆਂ ਹਨ। ਮੋਦੀ ਸਰਕਾਰ ਤੇ ਕਿਸਾਨ ਆਗੂਆਂ ਵਿਚਕਾਰ 8ਵੇਂ ਦੌਰ ਦੀ ਬੈਠਕ ਅੱਜ ਇਕ ਵਾਰ ਫਿਰ ਹੋਣ ਜਾ ਰਹੀ ਹੈ। ਉੱਥੇ ਹੀ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਾਨੂੰਨ ਰੱਦ ਨਹੀਂ ਹੋਣਗੇ ਪਰ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ‘ਤੇ ਅੜੇ ਹੋਏ ਹਨ।
ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਦੇਸ਼ ਭਰ ‘ਚ ਅੰਦੋਲਨ ਜਾਰੀ ਹੈ। ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਕਾਰ 7 ਦੌਰ ਦੀ ਬੈਠਕਾਂ ਹੋ ਚੁੱਕੀਆਂ ਹਨ ਪਰੰਤੂ ਇਸ ਦਾ ਹੱਲ ਅਜੇ ਨਹੀਂ ਨਿਕਲ ਸਕਿਆ। ਵੀਰਵਾਰ ਨੂੰ ਕੇਂਦਰ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚਾਲੇ ਅਹਿਮ ਗੱਲਬਾਤ ਤੋਂ ਇੱਕ ਦਿਨ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਕਿਸੇ ਵੀ ਪ੍ਰਸਤਾਵ ‘ਤੇ ਵਿਚਾਰ ਕਰਨ ਲਈ ਤਿਆਰ ਹੈ।