- ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਹੋਈ ਗ੍ਰਿਫਤਾਰੀ,
- ਸੀਆਈਡੀ ਨੇ ਨਾਇਡੂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ,
- ਭ੍ਰਿਸ਼ਟਾਚਾਰ ਮਾਮਲੇ ‘ਚ 2021 ‘ਚ ਦਰਜ ਹੋਈ ਸੀ FIR
ਆਂਧਰਾ ਪ੍ਰਦੇਸ਼, 9 ਸਤੰਬਰ 2023 – ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੂੰ ਸਕਿੱਲ ਡਿਵੈਲਪਮੈਂਟ ਘੁਟਾਲੇ ਮਾਮਲੇ ‘ਚ ਸ਼ਨੀਵਾਰ ਸਵੇਰੇ 6 ਵਜੇ ਨੰਡਿਆਲਾ ਸ਼ਹਿਰ ‘ਚ ਗ੍ਰਿਫਤਾਰ ਕੀਤਾ ਗਿਆ। ਕ੍ਰਿਮੀਨਲ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀਆਈਡੀ) ਨੇ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਭ੍ਰਿਸ਼ਟਾਚਾਰ ਦੇ ਇਸ ਮਾਮਲੇ ‘ਚ ਪਹਿਲੀ ਵਾਰ 2021 ‘ਚ ਉਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਆਂਧਰਾ ਪ੍ਰਦੇਸ਼ ਪੁਲਿਸ ਨੇ ਚੰਦਰਬਾਬੂ ਨਾਇਡੂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਨੰਡਿਆਲਾ ਸ਼ਹਿਰ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਆਪਣੀ ਵੈਨਿਟੀ ਵੈਨ ਵਿੱਚ ਆਰਾਮ ਕਰ ਰਹੇ ਸਨ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਮੈਡੀਕਲ ਜਾਂਚ ਲਈ ਨੰਡਿਆਲਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਂਧਰਾ ਪ੍ਰਦੇਸ਼ ਪੁਲਿਸ ਨੇ ਚੰਦਰਬਾਬੂ ਦੇ ਬੇਟੇ ਪਾਰਾ ਲੋਕੇਸ਼ ਨੂੰ ਪੂਰਬੀ ਗੋਦਾਵਰੀ ਜ਼ਿਲ੍ਹੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ।
ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਚੰਦਰਬਾਬੂ ਨਾਇਡੂ ਨੇ 6 ਸਤੰਬਰ ਨੂੰ ਆਪਣੀ ਗ੍ਰਿਫਤਾਰੀ ਦਾ ਖਦਸ਼ਾ ਪ੍ਰਗਟਾਇਆ ਸੀ। ਅਨੰਤਪੁਰ ਜ਼ਿਲੇ ਦੇ ਰਾਏਦੁਰਗਾਮ ‘ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਸੀ- ਉਹ ਮੈਨੂੰ ਅੱਜ ਜਾਂ ਕੱਲ੍ਹ ਗ੍ਰਿਫਤਾਰ ਕਰ ਸਕਦੇ ਹਨ। ਮੇਰੇ ‘ਤੇ ਹਮਲਾ ਵੀ ਹੋ ਸਕਦਾ ਹੈ। ਉਹ ਮੇਰੇ ‘ਤੇ ਇੱਕ ਨਹੀਂ ਸਗੋਂ ਬਹੁਤ ਸਾਰੇ ਜ਼ੁਲਮ ਕਰਨਗੇ।
ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਉਨ੍ਹਾਂ ਦੇ 45 ਸਾਲਾਂ ਦੇ ਕਰੀਅਰ ਵਿੱਚ ਉਨ੍ਹਾਂ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਹੋਇਆ। ਸਾਬਕਾ ਸੀਐਮ ਵਾਈਐਸ ਰਾਜਸ਼ੇਖਰ ਰੈੱਡੀ ਨੇ ਉਨ੍ਹਾਂ ਦੇ ਖਿਲਾਫ ਕਈ ਕੇਸ ਦਰਜ ਕਰਵਾਏ ਸਨ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।