- ਪਿੰਡ ਵਾਸੀਆਂ ਨੇ ਮਲਬੇ ਹੇਠ ਦੱਬੇ ਮਾਸੂਮ ਬੱਚਿਆਂ ਨੂੰ ਬਚਾਇਆ
ਰਾਜਸਥਾਨ, 25 ਜੁਲਾਈ 2025 – ਰਾਜਸਥਾਨ ਦੇ ਝਾਲਾਵਾੜ ਵਿੱਚ ਇੱਕ ਸਰਕਾਰੀ ਸਕੂਲ ਦੀ ਛੱਤ ਡਿੱਗਣ ਕਾਰਨ 5 ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 30 ਤੋਂ ਵੱਧ ਬੱਚੇ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਮਨੋਹਰਥਾਨਾ ਬਲਾਕ ਦੇ ਪਿਪਲੋਡੀ ਸਰਕਾਰੀ ਸਕੂਲ ਵਿੱਚ ਵਾਪਰਿਆ। ਅਧਿਆਪਕਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਮਲਬੇ ਹੇਠਾਂ ਦੱਬੇ ਸਾਰੇ ਬੱਚੇ 7ਵੀਂ ਜਮਾਤ ਦੇ ਸਨ। ਹਾਦਸੇ ਦੇ ਸਮੇਂ ਬੱਚੇ ਪੜ੍ਹ ਰਹੇ ਸਨ।
ਮਨੋਹਰਥਾਨਾ ਹਸਪਤਾਲ ਦੇ ਡਾਕਟਰ ਕੌਸ਼ਲ ਲੋਢਾ ਨੇ ਕਿਹਾ ਕਿ 35 ਜ਼ਖਮੀ ਬੱਚਿਆਂ ਨੂੰ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ 11 ਗੰਭੀਰ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕੀਤਾ ਗਿਆ ਹੈ। ਇਸ ਦੌਰਾਨ, ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਕਿਹਾ ਹੈ ਕਿ ਸਾਰੇ ਜ਼ਖਮੀਆਂ ਦਾ ਇਲਾਜ ਸਰਕਾਰੀ ਖਰਚੇ ‘ਤੇ ਕੀਤਾ ਜਾਵੇਗਾ। ਹਾਦਸੇ ਦੀ ਜਾਂਚ ਦੇ ਵੀ ਆਦੇਸ਼ ਦਿੱਤੇ ਗਏ ਹਨ।
ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਸਾਰਿਆਂ ਦਾ ਇਲਾਜ ਸਰਕਾਰੀ ਖਰਚੇ ‘ਤੇ ਕੀਤਾ ਜਾਵੇਗਾ। ਸਾਰੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।

ਉੱਥੇ ਹੀ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਸਕੂਲ ਇਮਾਰਤ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਹਾਦਸੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ।
