ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ ਦੇ ਮਾਮਲੇ ‘ਤੇ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਹਾਈਕੋਰਟ ਪਹੁੰਚ ਕੀਤੀ ਸੀ। ਜਿਸ ‘ਚ ਹਰਿਆਣਾ ਸਰਕਾਰ ਨੇ ਪੰਜਾਬ ਸਰਕਾਰ ਖਿਲਾਫ ਕਾਰਵਾਈ ਕਰਨ ਲਈ ਕਿਹਾ ਸੀ। ਹਰਿਆਣਾ ਸਰਕਾਰ ਦਾ ਕਹਿਣਾ ਸੀ ਕਿ ਕਿਸਾਨ ਸੋਧੇ ਹੋਏ ਟਰੈਕਟਰ ਟਰਾਲੀਆਂ ਨਾਲ ਸ਼ੰਭੂ ਸਰਹੱਦ ‘ਤੇ ਮੌਜੂਦ ਹਨ। ਇਸ ਨਾਲ ਕਾਨੂੰਨ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਵੀ ਪੁੱਛਿਆ ਹੈ ਕਿ ਉਹ ਕਿਸਾਨਾਂ ਨੂੰ ਇਕੱਠੇ ਹੋਣ ਤੋਂ ਕਿਉਂ ਨਹੀਂ ਰੋਕਦੀ। ਇੱਥੇ ਹਾਈਕੋਰਟ ਨੇ ਸਾਰੀਆਂ ਨੂੰ ਸਖਤ ਤਾੜਨਾ ਕਦੇ ਹੋਏ ਕਿਹਾ ਕਿ ਹਰ ਕੋਈ ਇਸ ਮਾਮਲੇ ਵਿੱਚ ਸਿਆਸਤ ਕਰ ਰਿਹਾ ਹੈ। ਹਾਈ ਕੋਰਟ ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਹੈ।