ਸ਼ੰਭੂ ਬਾਰਡਰ, 21 ਫਰਵਰੀ 2024 – ਐਤਵਾਰ ਨੂੰ ਕਿਸਾਨਾਂ ਤੇ ਸਰਕਾਰਾਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ‘ਚ ਗੱਲ ਕਿਸੇ ਵੀ ਸਿਰੇ ਨਹੀਂ ਚੜ੍ਹ ਸਕੀ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਦਿੱਲੀ ਮਾਰਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚਾਰ ਦੌਰ ਦੀਆਂ ਮੀਟਿੰਗਾਂ ਦੌਰਾਨ ਪੰਜ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਅੱਜ ਕਿਸਾਨਾਂ ਨੇ ਦਿੱਲੀ ਵੱਲ ਵਧਣ ਦਾ ਐਲਾਨ ਕੀਤਾ ਹੈ।
ਕਿਸਾਨਾਂ ਨੇ ਦਿੱਲੀ ਮਾਰਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜੇਸੀਬੀ ਮਸ਼ੀਨਾਂ ਦੇ ਨਾਲ-ਨਾਲ ਵੱਡੀਆਂ ਪੋਕਲੇਨ ਮਸ਼ੀਨਾਂ ਵੀ ਪੁਲੀਸ ਬੈਰੀਕੇਡ ਤੋੜਨ ਲਈ ਸ਼ੰਭੂ ਸਰਹੱਦ ’ਤੇ ਪੁੱਜ ਗਈਆਂ ਹਨ। ਇਨ੍ਹਾਂ ਮਸ਼ੀਨਾਂ ਨੂੰ ਪੁਲਿਸ ਦੇ ਅੱਥਰੂ ਗੈਸ ਦੇ ਗੋਲਿਆਂ ਅਤੇ ਰਬੜ ਦੀਆਂ ਗੋਲੀਆਂ ਤੋਂ ਬਚਾਉਣ ਲਈ ਵੀ ਸੋਧਿਆ ਗਿਆ ਹੈ। ਉਧਰ, ਕਿਸਾਨਾਂ ਦੀਆਂ ਵੱਡੀਆਂ-ਵੱਡੀਆਂ ਮਸ਼ੀਨਾਂ ਵੇਖ ਹਰਿਆਣਾ ਸਰਕਾਰ ਵੀ ਅਲਰਟ ਹੋ ਗਈ ਹੈ। ਹਰਿਆਣਾ ਪੁਲਿਸ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਬੈਰੀਕੇਡ ਤੋੜੇ ਤਾਂ ਕਾਨੂੰਨੀ ਕਾਰਵਾਈ ਹੋਵੇਗੀ।
ਹਰਿਆਣਾ ਪੁਲਿਸ ਨੇ ਅੰਤਰਰਾਜੀ ਸੀਮਾ ਉਤੇ ਬੈਰੀਕੇਡਿੰਗ ਮਜ਼ਬੂਤ ਕਰਦਿਆਂ ਸੁਰੱਖਿਆ ਬਲਾਂ ਦੀ ਨਫਰੀ ਵੀ ਵਧਾ ਦਿੱਤੀ ਹੈ। ਜਲਤੋਪਾਂ ਆਦਿ ਦਾ ਉਚੇਚੇ ਤੌਰ ਉਤੇ ਪ੍ਰਬੰਧ ਕੀਤਾ ਗਿਆ ਹੈ। ਨੀਮ ਫੌਜੀ ਬਲਾਂ ਨੂੰ ਘੱਗਰ ਦਰਿਆ ਉਤੇ ਤਾਇਨਾਤ ਕੀਤਾ ਗਿਆ ਹੈ। ਪੰਜਾਬ ਹਰਿਆਣਾ ਸੀਮਾ ਉਤੇ ਪੈਂਦੇ ਸਾਰੇ ਛੋਟੇ ਵੱਡੇ ਰਸਤਿਆਂ ’ਤੇ ਪੁਲਿਸ ਦਾ ਪਹਿਰਾ ਵਧਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਕੁਝ ਹੀ ਦੇਰ ਵਿਚ ਕਿਸਾਨ ਵੱਡੇ ਕਾਫਲਿਆਂ ਦੇ ਰੂਪ ਵਿਚ ਪੰਜਾਬ-ਹਰਿਆਣਾ ਦੇ ਬਾਰਡਰ ਤੋਂ ਅੱਗੇ ਦਿੱਲੀ ਵੱਲ ਰਵਾਨਾ ਹੋਣਗੇ। ਇਸ ਦੌਰਾਨ ਸ਼ੰਭੂ ਬੈਰੀਅਰ ਉਤੇ ਕਿਸਾਨਾਂ ਦੀ ਗਿਣਤੀ ਬਹੁਤ ਵਧ ਗਈ ਹੈ।