ਨਵੀਂ ਦਿੱਲੀ, 14 ਅਕਤੂਬਰ 2022 – ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈਡੀ ਨੇ ਅੱਜ ਫਿਰ ਛਾਪੇਮਾਰੀ ਕੀਤੀ। ਈਡੀ ਨੇ ਮਨੀ ਲਾਂਡਰਿੰਗ ਦੇ ਸਬੂਤ ਇਕੱਠੇ ਕਰਨ ਲਈ ਅੱਜ ਦਿੱਲੀ ਦੇ 25 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਈਡੀ ਨੇ ਸ਼ਹਿਰ ਦੇ ਕਈ ਵੱਡੇ ਸ਼ਰਾਬ ਕਾਰੋਬਾਰੀਆਂ ਦੇ ਘਰ ਅਤੇ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਪਹਿਲਾਂ 16 ਸਤੰਬਰ ਨੂੰ ਈਡੀ ਨੇ ਦਿੱਲੀ-ਐਨਸੀਆਰ, ਬੈਂਗਲੁਰੂ, ਹੈਦਰਾਬਾਦ, ਨੇਲੋਰ ਅਤੇ ਚੇਨਈ ਸਮੇਤ ਦੇਸ਼ ਭਰ ਵਿੱਚ 40 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਕੇਂਦਰੀ ਜਾਂਚ ਏਜੰਸੀ ਨੇ ਇਕੱਲੇ ਹੈਦਰਾਬਾਦ ‘ਚ 25 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਤੋਂ ਬਾਅਦ 7 ਅਕਤੂਬਰ ਨੂੰ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਿੱਲੀ, ਪੰਜਾਬ ਅਤੇ ਹੈਦਰਾਬਾਦ ਦੇ 35 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।
ਆਬਕਾਰੀ ਨੀਤੀ ਨਾਲ ਸਬੰਧਤ ਈਡੀ ਦਾ ਮਨੀ ਲਾਂਡਰਿੰਗ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਇੱਕ ਐਫਆਈਆਰ ‘ਤੇ ਅਧਾਰਤ ਹੈ, ਜਿਸ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕੁਝ ਅਫਸਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਸੀਬੀਆਈ ਨੇ 19 ਅਗਸਤ ਨੂੰ ਸਿਸੋਦੀਆ (50), ਇੱਕ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਅਤੇ ਦਿੱਲੀ ਦੇ ਸਾਬਕਾ ਆਬਕਾਰੀ ਕਮਿਸ਼ਨਰ ਆਰਵ ਗੋਪੀ ਕ੍ਰਿਸ਼ਨਾ ਦੇ ਦਿੱਲੀ ਸਥਿਤ ਘਰ ਅਤੇ ਇਸ ਮਾਮਲੇ ਦੇ ਸਬੰਧ ਵਿੱਚ ਸੱਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 19 ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ।
ਮਨੀਸ਼ ਸਿਸੋਦੀਆ ਕੋਲ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿੱਚ ਆਬਕਾਰੀ ਅਤੇ ਸਿੱਖਿਆ ਸਮੇਤ ਕਈ ਵਿਭਾਗ ਹਨ। ਕਥਿਤ ਘੁਟਾਲੇ ਵਿੱਚ ਹੁਣ ਤੱਕ 3 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਆਈਟੀ ਸੈੱਲ ਦੇ ਮੁਖੀ ਵਿਜੇ ਨਾਇਰ ਅਤੇ ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ, ਅਭਿਸ਼ੇਕ ਬੋਇਨਪੱਲੀ ਦੇ ਨਾਂ ਸ਼ਾਮਲ ਹਨ।