ਮੁੰਬਈ: 3 ਜੂਨ 2023 – ਓਡੀਸ਼ਾ ਵਿੱਚ ਰੇਲ ਹਾਦਸੇ ਦੇ ਮੱਦੇਨਜ਼ਰ ਮਡਗਾਓਂ ਸਟੇਸ਼ਨ ‘ਤੇ ਗੋਆ-ਮੁੰਬਈ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਕੋਂਕਣ ਰੇਲਵੇ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸਵੇਰੇ ਵੀਡੀਓ ਕਾਨਫਰੰਸ ਰਾਹੀਂ ਗੋਆ-ਮੁੰਬਈ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਵਾਲੇ ਸਨ, ਜਦਕਿ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸਮਾਰੋਹ ਲਈ ਮਡਗਾਓਂ ਸਟੇਸ਼ਨ ‘ਤੇ ਮੌਜੂਦ ਹੋਣਾ ਸੀ। ਅਧਿਕਾਰੀਆਂ ਨੇ ਕਿਹਾ ਕਿ ਰੇਲ ਮੰਤਰੀ ਹੁਣ ਓਡੀਸ਼ਾ ਵਿੱਚ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਸਮਾਰੋਹ ਨੂੰ ਰੱਦ ਕਰ ਦਿੱਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10.30 ਵਜੇ ਗੋਆ ਮੁੰਬਈ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਵਾਲੇ ਸਨ। ਹਾਲਾਂਕਿ ਹੁਣ ਇਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।
ਪੀਐਮ ਮੋਦੀ ਨੇ ਓਡੀਸ਼ਾ ਵਿੱਚ ਰੇਲ ਹਾਦਸੇ ਉੱਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਮ੍ਰਿਤਕਾਂ ਦੇ ਵਾਰਸਾਂ ਲਈ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000-50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲ ਕੀਤੀ।
ਪੀਐਮ ਮੋਦੀ ਨੇ ਟਵੀਟ ਕੀਤਾ, “ਓਡੀਸ਼ਾ ਵਿੱਚ ਰੇਲ ਹਾਦਸੇ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਮੈਂ ਦੁਖੀ ਪਰਿਵਾਰਾਂ ਦੇ ਨਾਲ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਉਨ੍ਹਾਂ ਕਿਹਾ, “ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਰੇਲ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50-50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।