ਚੰਡੀਗੜ੍ਹ, 22 ਫਰਵਰੀ 2024 – ਕਿਸਾਨ ਅੰਦੋਲਨ 11 ਫਰਵਰੀ ਤੋਂ ਹਰਿਆਣਾ ਦੇ ਬਾਰਡਰ ‘ਤੇ ਜਾਰੀ ਹੈ। ਇਸੇ ਵਿਚਾਲੇ ਖੱਟਰ ਸਰਕਾਰ ਨੇ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਫੇਰ ਇੰਟਰਨੈੱਟ ਪਾਬੰਦੀ 23 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਹਿਸਾਰ, ਜੀਂਦ, ਫਤਿਹਾਬਾਦ, ਸਿਰਸਾ ਸ਼ਾਮਲ ਹਨ।
ਉੱਥੇ ਹੀ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (ਵੀਰਵਾਰ) 10ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਜਾਣ ਦੀ ਆਪਣੀ ਯੋਜਨਾ 2 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਅਸੀਂ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ। ਕਿਸਾਨਾਂ ਨੇ ਇਹ ਫੈਸਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਅਤੇ ਖਨੌਰੀ ਸਰਹੱਦ ‘ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਲਿਆ ਹੈ।