ਨਵੀਂ ਦਿੱਲੀ, 30 ਦਸੰਬਰ 2024 – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਇਕ ਹੋਰ ਯੋਜਨਾ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਮੰਦਰ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਲਈ ‘ਪੁਜਾਰੀ-ਗ੍ਰੰਥੀ ਸਨਮਾਨ ਯੋਜਨਾ’ ਦਾ ਐਲਾਨ ਕੀਤਾ ਹੈ।
ਕੇਜਰੀਵਾਲ ਮੁਤਾਬਕ ਇਸ ਯੋਜਨਾ ਤਹਿਤ ਦਿੱਲੀ ਵਿਚ ਆਮ ਆਦਮੀ ਪਾਰਟੀ (ਆਪ) ਦੇ ਮੁੜ ਸੱਤਾ ‘ਚ ਆਉਣ ‘ਤੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਸ ਲਈ ਕੱਲ ਯਾਨੀ ਕਿ ਮੰਗਲਵਾਰ ਨੂੰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਮੰਗਲਵਾਰ ਨੂੰ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਦਾ ਦੌਰਾ ਕਰਨਗੇ ਅਤੇ ਉਥੇ ਪੁਜਾਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੁਆਇਨਾ ਕਰਨਗੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੂੰ ਬੇਨਤੀ ਹੈ ਕਿ ਜਿਸ ਤਰ੍ਹਾਂ ਨਾਲ ਉਨ੍ਹਾਂ ਨੇ ਮਹਿਲਾ ਸਨਮਾਨ ਯੋਜਨਾ ਅਤੇ ਬਜ਼ੁਰਗਾਂ ਲਈ ਲਿਆਂਦੀ ਗਈ ਯੋਜਨਾ ਦਾ ਵਿਰੋਧ ਕੀਤਾ ਅਤੇ ਰਜਿਸਟ੍ਰੇਸ਼ਨ ਰੋਕਣ ਦੀ ਕੋਸ਼ਿਸ਼ ਕੀਤੀ। ਉਸ ਤਰ੍ਹਾਂ ਦੀ ਕੋਸ਼ਿਸ਼ ਇਸ ਯੋਜਨਾ ਲਈ ਨਾ ਕਰੋ, ਵੱਡਾ ਪਾਪ ਲੱਗੇਗਾ। ਦੱਸ ਦੇਈਏ ਕਿ ਦਿੱਲੀ ਵਿਚ ਸਾਲ 2025 ਦੀ ਸ਼ੁਰੂਆਤ ਵਿਚ ਹੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜੇ ਵਿਧਾਨ ਸਭਾ ਚੋਣਾਂ 2025 ਦੀਆਂ ਤਾਰੀਖ਼ਾਂ ਦਾ ਐਲਾਨ ਨਹੀਂ ਹੋਇਆ ਹੈ ਪਰ ਸੱਤਾਧਾਰੀ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਸਮੇਤ ਤਮਾਮ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ।
ਆਮ ਆਦਮੀ ਪਾਰਟੀ ਨੇ ਹਾਲ ਹੀ ਵਿਚ ਦੋ ਅਹਿਮ ਯੋਜਨਾਵਾਂ ਦਾ ਐਲਾਨ ਕੀਤਾ ਸੀ। ਇਸ ਵਿਚ ਪਹਿਲੀ ਯੋਜਨਾ ਔਰਤਾਂ ਲਈ ਸੀ। ਇਸ ਤਹਿਤ ਦਿੱਲੀ ਵਿਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ਦੀਆਂ ਔਰਤਾਂ ਨੂੰ ਪਹਿਲੇ ਮਹੀਨੇ ਤੋਂ ਹੀ 2100 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਇਸ ਦੇ ਲਈ ਉਨ੍ਹਾਂ ਦੀ ਪਾਰਟੀ ਨੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਕੈਂਪ ਲਗਾ ਕੇ ਔਰਤਾਂ ਦੀ ਰਜਿਸਟ੍ਰੇਸ਼ਨ ਵੀ ਸ਼ੁਰੂ ਕਰ ਦਿੱਤੀ ਹੈ।