ਨਵੀਂ ਦਿੱਲੀ, 24 ਮਾਰਚ 2023 – 2 ਸਾਲ ਦੀ ਸਜ਼ਾ ਤੋਂ ਬਾਅਦ ਰਾਹੁਲ ਗਾਂਧੀ ਦੀ ਲੋਕਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਨੇ ਚਾਰ ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਉਨ੍ਹਾਂ ਨੂੰ ਤੁਰੰਤ ਜ਼ਮਾਨਤ ਵੀ ਮਿਲ ਗਈ ਸੀ।
ਸੁਪਰੀਮ ਕੋਰਟ ਨੇ 11 ਜੁਲਾਈ 2013 ਨੂੰ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਕੋਈ ਵੀ ਸੰਸਦ ਮੈਂਬਰ ਜਾਂ ਵਿਧਾਇਕ ਹੇਠਲੀ ਅਦਾਲਤ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਸੰਸਦ ਜਾਂ ਵਿਧਾਨ ਸਭਾ ਦੀ ਮੈਂਬਰੀ ਲਈ ਅਯੋਗ ਕਰਾਰ ਦਿੱਤਾ ਜਾਵੇਗਾ। ਅਦਾਲਤ ਨੇ ਇਹ ਹੁਕਮ ਲਿਲੀ ਥਾਮਸ ਬਨਾਮ ਯੂਨੀਅਨ ਆਫ ਇੰਡੀਆ ਦੇ ਮਾਮਲੇ ਵਿੱਚ ਦਿੱਤਾ ਸੀ। ਇਸ ਤੋਂ ਪਹਿਲਾਂ ਅਦਾਲਤ ਦੇ ਅੰਤਿਮ ਫੈਸਲੇ ਤੱਕ ਵਿਧਾਇਕ ਜਾਂ ਸੰਸਦ ਮੈਂਬਰ ਦੀ ਮੈਂਬਰਸ਼ਿਪ ਖਤਮ ਨਾ ਕਰਨ ਦੀ ਵਿਵਸਥਾ ਸੀ।
ਕਾਨੂੰਨੀ ਮਾਹਿਰਾਂ ਮੁਤਾਬਕ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦੀ ਸੀਟ ਵਾਇਨਾਡ ਨੂੰ ਖਾਲੀ ਐਲਾਨ ਦਿੱਤਾ ਹੈ। ਚੋਣ ਕਮਿਸ਼ਨ ਹੁਣ ਇਸ ਸੀਟ ‘ਤੇ ਚੋਣ ਦਾ ਐਲਾਨ ਕਰ ਸਕਦਾ ਹੈ। ਰਾਹੁਲ ਗਾਂਧੀ ਨੂੰ ਦਿੱਲੀ ਵਿੱਚ ਸਰਕਾਰੀ ਬੰਗਲਾ ਖਾਲੀ ਕਰਨ ਲਈ ਵੀ ਕਿਹਾ ਜਾ ਸਕਦਾ ਹੈ।
ਜੇਕਰ ਰਾਹੁਲ ਗਾਂਧੀ ਦੀ ਸਜ਼ਾ ਦਾ ਫੈਸਲਾ ਉੱਚ ਅਦਾਲਤਾਂ ਵੱਲੋਂ ਵੀ ਬਰਕਰਾਰ ਰੱਖਿਆ ਜਾਂਦਾ ਹੈ ਤਾਂ ਉਹ ਅਗਲੇ 8 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। 2 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਉਹ ਛੇ ਸਾਲ ਲਈ ਅਯੋਗ ਹੋ ਜਾਵੇਗਾ।
ਰਾਹੁਲ ਗਾਂਧੀ ਹੁਣ ਸੂਰਤ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇ ਸਕਦੇ ਹਨ। ਕਾਂਗਰਸ ਨੇ ਇਸ ਕਾਰਵਾਈ ਦੀ ਕਾਨੂੰਨੀਤਾ ‘ਤੇ ਵੀ ਸਵਾਲ ਚੁੱਕੇ ਹਨ ਕਿ ਚੋਣ ਕਮਿਸ਼ਨ ਨਾਲ ਸਲਾਹ ਕਰਕੇ ਸਿਰਫ਼ ਰਾਸ਼ਟਰਪਤੀ ਹੀ ਕਿਸੇ ਸੰਸਦ ਮੈਂਬਰ ਨੂੰ ਅਯੋਗ ਠਹਿਰਾ ਸਕਦੇ ਹਨ।
ਰਾਹੁਲ ਗਾਂਧੀ ਦੀ ਟੀਮ ਹੁਣ ਸੂਰਤ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਜਾ ਰਹੀ ਹੈ। ਜੇਕਰ ਸੂਰਤ ਕੋਰਟ ਦੇ ਫੈਸਲੇ ਦੇ ਖਿਲਾਫ ਅਪੀਲ ਉੱਥੇ ਸਵੀਕਾਰ ਨਹੀਂ ਕੀਤੀ ਜਾਂਦੀ ਹੈ, ਤਾਂ ਸਿੱਧੇ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਜਾਵੇਗੀ।