ਕੋਲਕਾਤਾ, 29 ਮਾਰਚ 2022 – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਮਮਤਾ ਨੇ ਗੈਰ-ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਭਗਵਾ ਪਾਰਟੀ ਦਾ ਮੁਕਾਬਲਾ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ।
ਮਮਤਾ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਈਡੀ, ਸੀਬੀਆਈ ਅਤੇ ਕੇਂਦਰੀ ਵਿਜੀਲੈਂਸ ਕਮਿਸ਼ਨ ਤੋਂ ਇਲਾਵਾ ਆਮਦਨ ਕਰ ਵਿਭਾਗ ਦੇ ਜਰੀਏ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੇ ਵਿਰੋਧੀ ਧਿਰ ਦੇ ਵਾਕਆਊਟ ਦੌਰਾਨ ਦਿੱਲੀ ਸਪੈਸ਼ਲ ਪੁਲਿਸ (ਸੋਧ) ਬਿੱਲ 2021 ਅਤੇ ਸੀਵੀਸੀ ਸੋਧ ਬਿੱਲ ਪਾਸ ਕਰ ਦਿੱਤਾ। ਇਨ੍ਹਾਂ ਰਾਹੀਂ ਕੇਂਦਰ ਸਰਕਾਰ ਈਡੀ ਅਤੇ ਸੀਬੀਆਈ ਦੇ ਡਾਇਰੈਕਟਰਾਂ ਦਾ ਕਾਰਜਕਾਲ 5 ਸਾਲ ਤੱਕ ਵਧਾ ਸਕਦੀ ਹੈ।
ਮਮਤਾ ਨੇ ਕਿਹਾ ਕਿ ਭਾਜਪਾ ਵਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਨੀਅਤ ‘ਤੇ ਸਵਾਲ ਉਠਾਉਂਦੇ ਹੋਏ ਸਾਨੂੰ ਸਾਰਿਆਂ ਨੂੰ ਵਿਰੋਧ ਕਰਨਾ ਚਾਹੀਦਾ ਹੈ। ਕੇਂਦਰੀ ਏਜੰਸੀਆਂ ਉਦੋਂ ਹੀ ਕਾਰਵਾਈ ਕਰਦੀਆਂ ਹਨ ਜਦੋਂ ਚੋਣਾਂ ਆਉਣ ਵਾਲੀਆਂ ਹੁੰਦੀਆਂ ਹਨ, ਜਦੋਂ ਕਿ ਭਾਜਪਾ ਸ਼ਾਸਤ ਰਾਜਾਂ ਵਿੱਚ ਇਨ੍ਹਾਂ ਏਜੰਸੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਅਸੀਂ ਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਚਾਹੁੰਦੇ ਹਾਂ, ਪਰ ਇਸ ਤਰ੍ਹਾਂ ਦੀ ਬਦਲੇ ਦੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰਾਂਗੇ।
ਮਮਤਾ ਨੇ ਕਿਹਾ ਕਿ ਸਾਡੇ ਲੋਕਤੰਤਰ ਵਿੱਚ ਨਿਆਂਪਾਲਿਕਾ, ਮੀਡੀਆ ਅਤੇ ਲੋਕ ਅਹਿਮ ਥੰਮ੍ਹ ਹਨ, ਪਰ ਇਨ੍ਹਾਂ ਸਭ ਨੂੰ ਢਾਹ ਦਿੱਤਾ ਗਿਆ ਹੈ। ਮੈਂ ਨਿਆਂਪਾਲਿਕਾ ਦਾ ਵਿਸ਼ੇਸ਼ ਸਨਮਾਨ ਕਰਦੀ ਹਾਂ ਪਰ ਸਿਆਸੀ ਦਖਲਅੰਦਾਜ਼ੀ ਕਾਰਨ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਭਾਜਪਾ ਸੰਘੀ ਢਾਂਚੇ ‘ਤੇ ਹਮਲਾ ਕਰ ਰਹੀ ਹੈ। ਇਸ ਪੱਤਰ ਦੇ ਅੰਤ ਵਿੱਚ ਮਮਤਾ ਨੇ ਕਿਹਾ ਹੈ ਕਿ ਇਨ੍ਹਾਂ ਸਾਰੇ ਮੁੱਦਿਆਂ ਲਈ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।