ਕੋਲਕਾਤਾ, 9 ਸਤੰਬਰ 2024 – ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਟ੍ਰੇਨੀ ਡਾਕਟਰ ਦੇ ਬਲਾਤਕਾਰ-ਕਤਲ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਮਤਾ ਸਰਕਾਰ ਨੂੰ ਇੱਕ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਬੋਸ ਨੇ ਕਿਹਾ ਹੈ ਕਿ ਜਨਤਾ ਦੀ ਮੰਗ ਦੇ ਮੱਦੇਨਜ਼ਰ ਕੋਲਕਾਤਾ ਦੇ ਪੁਲਸ ਕਮਿਸ਼ਨਰ ਵਿਨੀਤ ਗੋਇਲ ਨੂੰ ਬਰਖਾਸਤ ਕਰ ਕੇ ਇਹ ਜ਼ਿੰਮੇਵਾਰੀ ਕਿਸੇ ਹੋਰ ਅਧਿਕਾਰੀ ਨੂੰ ਦਿੱਤੀ ਜਾਣੀ ਚਾਹੀਦੀ ਹੈ।
ਬੋਸ ਨੇ ਕਿਹਾ ਕਿ ਸੂਬਾ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟ ਸਕਦੀ। ਸ਼ੁਤਰਮੁਰਗ ਵਰਗਾ ਰਵੱਈਆ ਕਾਫੀ ਨਹੀਂ ਹੋਵੇਗਾ। ਮਮਤਾ ਸਰਕਾਰ ਚੁੱਪ ਨਹੀਂ ਰਹਿ ਸਕਦੀ। ਰਾਜ ਨੂੰ ਸੰਵਿਧਾਨ ਅਤੇ ਕਾਨੂੰਨ ਦੇ ਰਾਜ ਅਧੀਨ ਕੰਮ ਕਰਨਾ ਚਾਹੀਦਾ ਹੈ। ਦਰਅਸਲ, 9 ਅਗਸਤ ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਟ੍ਰੇਨੀ ਡਾਕਟਰ ਨਾਲ ਬਲਾਤਕਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਦੀ ਅਰਧ ਨਗਨ ਲਾਸ਼ ਮਿਲੀ। ਕੋਲਕਾਤਾ ਪੁਲਸ ‘ਤੇ ਇਸ ਮਾਮਲੇ ‘ਚ ਲਾਪਰਵਾਹੀ ਦਾ ਦੋਸ਼ ਲਗਾਇਆ ਗਿਆ ਸੀ।
ਇਸ ਤੋਂ ਬਾਅਦ ਕਲਕੱਤਾ ਹਾਈ ਕੋਰਟ ਨੇ ਇਹ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ। ਸੁਪਰੀਮ ਕੋਰਟ ਨੇ ਕੋਲਕਾਤਾ ਪੁਲਿਸ ਦੀ ਭੂਮਿਕਾ ‘ਤੇ ਵੀ ਸ਼ੱਕ ਪ੍ਰਗਟਾਇਆ ਹੈ। ਇਸ ਤੋਂ ਬਾਅਦ ਕੋਲਕਾਤਾ ‘ਚ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਹੋਏ।