ਨਵੀਂ ਦਿੱਲੀ, 4 ਮਾਰਚ 2024 – ਸ਼ਰਾਬ ਘੁਟਾਲੇ ਨਾਲ ਸਬੰਧਤ ਕਥਿਤ ਮਾਮਲੇ ਵਿੱਚ 8 ਸੰਮਨ ਜਾਰੀ ਕਰਨ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਜਵਾਬ ਦਿੱਤਾ ਹੈ। ਸੀਐਮ ਕੇਜਰੀਵਾਲ ਨੇ ਕਿਹਾ ਹੈ ਕਿ ਸੰਮਨ ਗੈਰ-ਕਾਨੂੰਨੀ ਹਨ, ਪਰ ਫਿਰ ਵੀ ਉਹ ਈਡੀ ਦੇ ਸਵਾਲਾਂ ਦਾ ਜਵਾਬ ਦੇਣ ਲਈ ਤਿਆਰ ਹਨ। ਉਸ ਨੇ ਈਡੀ ਤੋਂ 12 ਮਾਰਚ ਤੋਂ ਬਾਅਦ ਦੀ ਤਰੀਕ ਮੰਗੀ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਸਵਾਲਾਂ ਦੇ ਜਵਾਬ ਦੇਣਗੇ। ਦੱਸ ਦੇਈਏ ਕਿ ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਅੱਠਵਾਂ ਸੰਮਨ ਜਾਰੀ ਕਰਕੇ 4 ਮਾਰਚ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।
ਇਸ ਤੋਂ ਪਹਿਲਾਂ ਜਾਂਚ ਏਜੰਸੀ ਨੇ 22 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਸੱਤਵਾਂ ਨੋਟਿਸ ਜਾਰੀ ਕੀਤਾ ਸੀ। ਫਿਰ ਸੀਐਮ ਕੇਜਰੀਵਾਲ ਨੂੰ 26 ਫਰਵਰੀ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ, ‘ਆਪ’ ਨੇ ਨੋਟਿਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਅਤੇ ਏਜੰਸੀ ਨੂੰ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰਨ ਲਈ ਵੀ ਕਿਹਾ ਸੀ।