ਨਵੀਂ ਦਿੱਲੀ, 24 ਅਪ੍ਰੈਲ 2025 – ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਹਮਲੇ ਸਬੰਧੀ ਅੱਜ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰਾਜਨਾਥ ਸਿੰਘ ਮੀਟਿੰਗ ਦੀ ਪ੍ਰਧਾਨਗੀ ਕਰ ਸਕਦੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਨੇ ਕਈ ਪਾਰਟੀਆਂ ਦੇ ਆਗੂਆਂ ਨਾਲ ਇਸ ਬਾਰੇ ਚਰਚਾ ਕੀਤੀ ਹੈ। ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਪਹਿਲਗਾਮ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਦੀ ਮੰਗ ਕੀਤੀ ਸੀ।
ਰਾਜਨਾਥ ਸਿੰਘ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਅੱਤਵਾਦੀ ਹਮਲੇ ਬਾਰੇ ਜਾਣਕਾਰੀ ਦੇ ਸਕਦੇ ਹਨ, ਜਿਸ ਵਿੱਚ 26 ਲੋਕਾਂ ਦੀ ਜਾਨ ਚਲੀ ਗਈ ਸੀ। ਦੱਸ ਦਈਏ ਕਿ ਬੁੱਧਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵੀ ਮੌਜੂਦ ਸਨ।

