ਨਵੀਂ ਦਿੱਲੀ, 7 ਮਈ 2025 – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ‘ਚ ਪਾਕਿਸਤਾਨ ‘ਚ ਭਾਰਤੀ ਹਥਿਆਰਬੰਦ ਫੋਰਸਾਂ ਵਲੋਂ ਕੀਤੇ ਗਏ ਹਮਲਿਆਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਾਰੇ ਨੀਮ ਫ਼ੌਜੀ ਫ਼ੋਰਸਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਛੁੱਟੀ ‘ਤੇ ਗਏ ਆਪਣੇ ਕਰਮਚਾਰੀਆਂ ਨੂੰ ਵਾਪਸ ਬੁਲਾਉਣ। ਸ਼ਾਹ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਲਗਾਤਾਰ ਸੰਪਰਕ ‘ਚ ਹਨ। ਉਨ੍ਹਾਂ ਨੇ ਉਨ੍ਹਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਰਹੱਦੀ ਖੇਤਰਾਂ ‘ਚ ਰਹਿਣ ਵਾਲੇ ਆਮ ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾਵੇ।
ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਐਮਰਜੈਂਸੀ ਦੀ ਸਥਿਤੀ ‘ਚ ਨਾਗਰਿਕ ਆਬਾਦੀ ਨੂੰ ਪਨਾਹ ਦੇਣ ਲਈ ਬੰਕਰ ਤਿਆਰ ਰੱਖਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਸਾਰੇ ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸਾਂ ਦੇ ਮੁਖੀਆਂ ਨੂੰ ਛੁੱਟੀ ‘ਤੇ ਗਏ ਆਪਣੇ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ।
ਸੂਤਰਾਂ ਅਨੁਸਾਰ, ਸ਼ਾਹ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਸਥਿਤੀ ਦੀ ਵੀ ਸਮੀਖਿਆ ਕੀਤੀ ਅਤੇ ਉੱਚ ਸੁਰੱਖਿਆ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ। ਗ੍ਰਹਿ ਮੰਤਰੀ ਨੇ ‘ਆਪ੍ਰੇਸ਼ਨ ਸਿੰਦੂਰ’ ਨੂੰ ਪਹਿਲਗਾਮ ‘ਚ ਨਿਰਦੋਸ਼ ਲੋਕਾਂ ਦਾ ਬੇਰਹਿਮੀ ਨਾਲ ਕਤਲ ਦੇ ਪ੍ਰਤੀ ਭਾਰਤ ਦਾ ਜਵਾਬ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਭਾਰਤ ਅਤੇ ਇਸ ਦੇ ਲੋਕਾਂ ‘ਤੇ ਕਿਸੇ ਵੀ ਹਮਲੇ ਦਾ ਢੁਕਵਾਂ ਜਵਾਬ ਦੇਣ ਲਈ ਦ੍ਰਿੜ ਹੈ ਅਤੇ ਭਾਰਤ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਾਰਤੀ ਫੌਜ ਨੇ ਇਹ ਕਾਰਵਾਈ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਜਵਾਬ ‘ਚ ਕੀਤੀ। ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਚ 26 ਲੋਕ ਮਾਰੇ ਗਏ ਸਨ।

