ਨਵੀਂ ਦਿੱਲੀ, 10 ਅਗਸਤ 2022 – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪ੍ਰਿਅੰਕਾ ਨੇ ਦੱਸਿਆ ਕਿ ਉਹ ਫਿਰ ਤੋਂ ਕੋਰੋਨਾ ਪਾਜ਼ੀਟਿਵ ਹੋ ਗਈ ਹੈ। ਉਸਨੇ ਦੱਸਿਆ ਕਿ ਉਹ ਘਰ ਵਿੱਚ ਇਕਾਂਤਵਾਸ ਹੋ ਗਈ ਹੈ ਅਤੇ ਸਾਰੇ ਪ੍ਰੋਟੋਕੋਲ ਦਾ ਖਿਆਲ ਰੱਖ ਰਹੀ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਵੀ ਬਿਮਾਰ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਨੇ ਵੀ ਆਪਣਾ ਅਲਵਰ ਦੌਰਾ ਮੁਲਤਵੀ ਕਰ ਦਿੱਤਾ ਹੈ। ਪਾਰਟੀ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਅਲਵਰ ‘ਚ ‘ਨੇਤਰਤਵ ਸੰਕਲਪ ਸ਼ਿਵਿਰ’ ‘ਚ ਸ਼ਾਮਲ ਹੋਣ ਵਾਲੇ ਸਨ।
ਪ੍ਰਿਅੰਕਾ ਗਾਂਧੀ ਦੋ ਮਹੀਨਿਆਂ ਵਿੱਚ ਦੂਜੀ ਵਾਰ ਕੋਰੋਨਾ ਪਾਜ਼ੀਟਿਵ ਹੋਈ ਹੈ। ਇਸ ਤੋਂ ਪਹਿਲਾਂ 3 ਜੂਨ ਨੂੰ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਫਿਰ ਉਨ੍ਹਾਂ ਦੀ ਮਾਂ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਪ੍ਰਿਅੰਕਾ ਨੇ ਟਵੀਟ ਕਰਕੇ ਕਿਹਾ ਸੀ ਕਿ ਹਲਕੇ ਲੱਛਣਾਂ ਤੋਂ ਬਾਅਦ ਕੋਰੋਨਾ ਟੈਸਟ ਕੀਤਾ ਗਿਆ ਸੀ। ਰਿਪੋਰਟ ਪਾਜ਼ੀਟਿਵ ਆਈ ਹੈ।
ਕਾਂਗਰਸ ਨੇ ਹਾਲ ਹੀ ਵਿੱਚ ਮਹਿੰਗਾਈ ਅਤੇ ਜੀਐਸਟੀ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਇਸ ਦੌਰਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਤੱਕ ਰੋਸ ਮਾਰਚ ਕੱਢਿਆ। ਪੁਲੀਸ ਨੇ ਸਾਰੇ ਸੰਸਦ ਮੈਂਬਰਾਂ ਨੂੰ ਵਿਜੇ ਚੌਕ ਤੋਂ ਹਿਰਾਸਤ ਵਿੱਚ ਲੈ ਲਿਆ ਸੀ।
ਇਸ ਦੌਰਾਨ ਪ੍ਰਿਅੰਕਾ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦਫ਼ਤਰ ਤੋਂ ਰੋਸ ਮਾਰਚ ਕੱਢਿਆ ਗਿਆ। ਪ੍ਰਿਅੰਕਾ ਗਾਂਧੀ ਸੜਕ ‘ਤੇ ਹੀ ਧਰਨੇ ‘ਤੇ ਬੈਠ ਗਈ। ਇਸ ਤੋਂ ਬਾਅਦ ਉਸ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਸੀ।