ਚੰਡੀਗੜ੍ਹ, 17 ਜੂਨ 2022 – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇਸਕ ਵਾਰ ਫੇਰ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ। ਇਸ ਵਾਰ ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮ ਰਹੀਮ ਅੱਜ ਸ਼ੁੱਕਰਵਾਰ ਸਵੇਰੇ ਹੀ 7 ਵਜੇ ਦੇ ਕਰੀਬ ਜੇਲ੍ਹ ਤੋਂ ਬਾਹਰ ਆ ਗਿਆ ਸੀ।
ਇਸ ਪੈਰੋਲ ਦੀ ਮਿਆਦ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਭਾਰੀ ਸੁਰੱਖਿਆ ਵਿਚਕਾਰ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ ਅਤੇ ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਨੂੰ ਸੁਰੱਖਿਆ ਵੀ ਦਿੱਤੀ ਹੈ।
ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਫਰਵਰੀ ਵਿੱਚ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਨੂੰ Z+ ਸੁਰੱਖਿਆ ਪ੍ਰਦਾਨ ਕੀਤੀ ਸੀ, ਇਹ ਕਹਿੰਦੇ ਹੋਏ ਕਿ ਉਸ ਦੀ ਜਾਨ ਨੂੰ ਖਤਰਾ ਹੈ। ਫਰਲੋ ਦੌਰਾਨ ਰਾਮ ਰਹੀਮ ਜ਼ਿਆਦਾਤਰ ਸਮਾਂ ਆਪਣੇ ਗੁਰੂਗ੍ਰਾਮ ਆਸ਼ਰਮ ‘ਚ ਹੀ ਰਿਹਾ।
ਰਾਮ ਰਹੀਮ ਨੂੰ 25 ਅਗਸਤ 2017 ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਪੰਚਕੂਲਾ ‘ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਸਜ਼ਾ ਸੁਣਾਈ ਗਈ ਸੀ।