ਚੰਡੀਗੜ੍ਹ, 1 ਜਨਵਰੀ 2022 – ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਕੋਚ ਦੀ ਸ਼ਿਕਾਇਤ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਹੈ। ਆਈਪੀਸੀ ਦੀਆਂ ਧਾਰਾਵਾਂ 354, 354ਏ, 354ਬੀ, 342 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲੀਸ ਦੇ ਪੀ.ਆਰ.ਓ ਨੇ ਦੱਸਿਆ ਕਿ ਹਾਲੇ ਜਾਂਚ ਜਾਰੀ ਹੈ।
ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਤੋਂ ਬਾਅਦ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਆਪਣੇ ਸਾਹਮਣੇ ਆ ਕੇ ਸਾਰੇ ਦੋਸ਼ਾਂ ਨੂੰ ਝੂਠਾਦੱਸਿਆ ਹੈਂ। ਸੰਦੀਪ ਨੇ ਕਿਹਾ ਕਿ, “ਮੇਰੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਨੂੰ ਉਮੀਦ ਹੈ ਕਿ ਮੇਰੇ ‘ਤੇ ਲਗਾਏ ਗਏ ਝੂਠੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਹੋਵੇਗੀ। ਜਾਂਚ ਰਿਪੋਰਟ ਆਉਣ ਤੱਕ ਖੇਡ ਵਿਭਾਗ ਦੀ ਜ਼ਿੰਮੇਵਾਰੀ ਮੈਂ ਮੁੱਖ ਮੰਤਰੀ ਨੂੰ ਸੌਂਪਦਾ ਹਾਂ।”
ਹਰਿਆਣਾ ਦੇ ਖੇਡ ਰਾਜ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੰਤਰੀ ‘ਤੇ ਛੇੜਛਾੜ ਦੇ ਦੋਸ਼ ਲਗਾਉਣ ਵਾਲੇ ਜੂਨੀਅਰ ਅਥਲੈਟਿਕਸ ਕੋਚ ਸ਼ਿਕਸ਼ਾ ਡਾਗਰ ਨੇ ਮੰਤਰੀ ਖਿਲਾਫ ਚੰਡੀਗੜ੍ਹ ਦੇ ਐੱਸਐੱਸਪੀ ਨੂੰ ਸ਼ਿਕਾਇਤ ਦਿੱਤੀ ਹੈ। ਦੂਜੇ ਪਾਸੇ ਖੇਡ ਵਿਭਾਗ ਦੀ ਮਹਿਲਾ ਡਿਪਟੀ ਡਾਇਰੈਕਟਰ ਕਵਿਤਾ ਵੀ ਖੇਡ ਮੰਤਰੀ ਦੇ ਬਚਾਅ ਵਿੱਚ ਆ ਗਈ ਹੈ। ਕਵਿਤਾ ਨੇ ਖੇਡ ਡਾਇਰੈਕਟੋਰੇਟ ਵਿੱਚ ਪ੍ਰੈਸ ਕਾਨਫਰੰਸ ਕਰਕੇ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਜੂਨੀਅਰ ਅਥਲੈਟਿਕਸ ਕੋਚ ਨੂੰ ਸ਼ੱਕ ਦੇ ਘੇਰੇ ਵਿੱਚ ਲਿਆ ਦਿੱਤਾ ਹੈ।
ਚੰਡੀਗੜ੍ਹ ਦੇ ਐਸਐਸਪੀ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਮਹਿਲਾ ਕੋਚ ਨੇ ਆਪਣੇ ਨਾਲ ਵਾਪਰੀ ਸਾਰੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਮਹਿਲਾ ਕੋਚ ਨੇ ਆਪਣੇ ਨਾਲ ਹੋਈ ਕਥਿਤ ਛੇੜਛਾੜ ਨੂੰ ਲੈ ਕੇ ਚੰਡੀਗੜ੍ਹ ਸਥਿਤ ਇਨੈਲੋ ਦੇ ਪ੍ਰਮੁੱਖ ਜਨਰਲ ਸਕੱਤਰ ਅਤੇ ਵਿਧਾਇਕ ਅਭੈ ਸਿੰਘ ਚੌਟਾਲਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਹੈ।
ਉੱਥੇ ਉਨ੍ਹਾਂ ਨੇ ਇਲੈਕਟ੍ਰਾਨਿਕ ਮੀਡੀਆ ਦੇ ਲੋਕਾਂ ਨਾਲ ਗੱਲਬਾਤ ਕੀਤੀ, ਜਿਸ ਤੋਂ ਬਾਅਦ ਅਭੈ ਚੌਟਾਲਾ ਨੇ ਇਸ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਵੀ ਗੱਲਬਾਤ ਕੀਤੀ। ਮਹਿਲਾ ਕੋਚ ਨੇ ਕਿਹਾ ਕਿ ਉਹ ਇਸ ਲੜਾਈ ਵਿੱਚ ਸਹਿਯੋਗ ਲਈ ਮੁੱਖ ਮੰਤਰੀ ਮਨੋਹਰ ਲਾਲ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੂੰ ਵੀ ਮਿਲਣਗੇ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਸੁਣਨ ਤੋਂ ਬਾਅਦ ਐਸਐਸਪੀ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ।