- ਡਰਾਈਵਰ ਗ੍ਰਿਫਤਾਰ
ਬਿਹਾਰ, 21 ਨਵੰਬਰ 2022 – ਬਿਹਾਰ ਦੇ ਵੈਸ਼ਾਲੀ ‘ਚ ਐਤਵਾਰ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਵੈਸ਼ਾਲੀ ਦੇ ਦੇਸਾਰੀ ਥਾਣਾ ਖੇਤਰ ‘ਚ ਹੋਏ ਇਸ ਹਾਦਸੇ ‘ਚ ਬੱਚਿਆਂ ਅਤੇ ਔਰਤਾਂ ਸਮੇਤ ਕੁੱਲ 12 ਲੋਕਾਂ ਦੀ ਮੌਤ ਹੋ ਗਈ। ਬਿਹਾਰ ਵਿੱਚ ਇੱਕ ਸ਼ਰਾਬੀ ਟਰੱਕ ਡਰਾਈਵਰ ਨੇ ਸੜਕ ਕਿਨਾਰੇ ਇੱਕ ਪਿੱਪਲ ਦੇ ਦਰੱਖਤ ਹੇਠਾਂ ਖੜ੍ਹੇ ਹੋ ਕੇ ਪੂਜਾ ਕਰ ਰਹੇ 30 ਦੇ ਕਰੀਬ ਲੋਕਾਂ ਨੂੰ ਦਰੜ ਦਿੱਤਾ। ਹਾਦਸੇ ‘ਚ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਇਸ ਦੀ ਸੂਚਨਾ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਐਂਬੂਲੈਂਸ ਰਾਹੀਂ ਬੱਚਿਆਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ ਗਿਆ। ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਸੜਕ ’ਤੇ ਭਾਰੀ ਜਾਮ ਲੱਗ ਗਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।
ਹਾਦਸੇ ਤੋਂ ਬਾਅਦ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਵਿਧਾਇਕ ਮੁਕੇਸ਼ ਰੋਸ਼ਨ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਪਤਾ ਲਗਾਇਆ। ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਮੁਕੇਸ਼ ਨੇ ਹਾਦਸੇ ਵਿਚ ਔਰਤਾਂ ਅਤੇ ਬੱਚਿਆਂ ਸਮੇਤ 12 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਦਿੱਤੀ ਹੈ।
ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਮੁਤਾਬਕ ਨੌਂ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਿੰਨ ਲੋਕਾਂ ਨੇ ਇਲਾਜ ਲਈ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਇਸ ਘਟਨਾ ਵਿੱਚ ਅੱਠ ਬੱਚਿਆਂ ਦੀ ਮੌਤ ਦੀ ਜਾਣਕਾਰੀ ਦਿੱਤੀ ਸੀ। ਹਾਦਸੇ ਬਾਰੇ ਪਤਾ ਲੱਗਾ ਹੈ ਕਿ ਮਰਨ ਵਾਲੇ ਸਾਰੇ ਅੱਠ ਬੱਚੇ ਸਨ। ਹੁਣ ਵਿਧਾਇਕ ਨੇ ਕਿਹਾ ਹੈ ਕਿ ਮਰਨ ਵਾਲਿਆਂ ਵਿੱਚ ਔਰਤਾਂ ਵੀ ਸ਼ਾਮਲ ਹਨ।
ਪੁਲੀਸ ਨੇ ਹਾਦਸੇ ਤੋਂ ਬਾਅਦ ਸਬੰਧਤ ਟਰੱਕ ਦੇ ਡਰਾਈਵਰ ਅਤੇ ਹੈਲਪਰ ਨੂੰ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਟਰੱਕ ਨਾਲ ਇਹ ਹਾਦਸਾ ਹੋਇਆ ਉਹ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਸੀ। ਵੈਸ਼ਾਲੀ ਦੇ ਐਸਪੀ ਨੇ ਟਰੱਕ ਡਰਾਈਵਰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਹ ਪਤਾ ਲਗਾਉਣ ਲਈ ਮੈਡੀਕਲ ਟੈਸਟ ਕਰਵਾਇਆ ਜਾ ਰਿਹਾ ਹੈ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਸੀ ਜਾਂ ਨਹੀਂ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਕਈ ਨੇਤਾਵਾਂ ਨੇ ਬਿਹਾਰ ‘ਚ ਹੋਏ ਹਾਦਸੇ ‘ਤੇ ਟਵੀਟ ਕਰਕੇ ਸੋਗ ਪ੍ਰਗਟ ਕੀਤਾ ਹੈ। ਪੀਐਮਓ ਵੱਲੋਂ ਕੀਤੇ ਗਏ ਟਵੀਟ ਵਿੱਚ ਕਿਹਾ ਗਿਆ ਹੈ ਕਿ ਬਿਹਾਰ ਦੇ ਵੈਸ਼ਾਲੀ ਵਿੱਚ ਹੋਇਆ ਹਾਦਸਾ ਦੁਖਦ ਹੈ। ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ PMNRF ਵੱਲੋਂ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।