ਮਹਾਰਾਸ਼ਟਰ, 13 ਜਨਵਰੀ 2023 – ਮਹਾਰਾਸ਼ਟਰ ਦੇ ਨਾਸਿਕ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਬੱਸ ਇੱਕ ਟਰੱਕ ਨਾਲ ਟਕਰਾ ਗਈ, ਜਿਸ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਨਾਸਿਕ-ਸ਼ਿਰਡੀ ਹਾਈਵੇਅ ‘ਤੇ ਬੱਸ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟਾਇਆ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਸੱਤ ਵਜੇ ਦੇ ਕਰੀਬ ਵਾਪਰਿਆ। ਬੱਸ ਠਾਣੇ ਜ਼ਿਲ੍ਹੇ ਦੇ ਅੰਬਰਨਾਥ ਤੋਂ ਸ਼ਿਰਡੀ ਵੱਲ ਜਾ ਰਹੀ ਸੀ। ਇਸ ਦੌਰਾਨ ਨਾਸਿਕ ਦੀ ਸਿੰਨਾਰ ਤਹਿਸੀਲ ਦੇ ਪਠਾਰੇ ਨੇੜੇ ਇਕ ਟਰੱਕ ਦੀ ਟੱਕਰ ਹੋ ਗਈ। ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਸੱਤ ਔਰਤਾਂ, ਦੋ ਬੱਚੇ ਅਤੇ ਇੱਕ ਆਦਮੀ ਸ਼ਾਮਲ ਹੈ। ਜ਼ਖਮੀਆਂ ਨੂੰ ਸਿੰਨਾਰ ਦੇ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

