- ਸ਼੍ਰੀਨਗਰ ਦੇ ਸੰਸਦ ਮੈਂਬਰ ਨੇ ਕਿਹਾ- ਹਮਲੇ ਲਈ ਕੇਂਦਰ ਸਰਕਾਰ ਜ਼ਿੰਮੇਵਾਰ
ਜੰਮੂ-ਕਸ਼ਮੀਰ, 2 ਨਵੰਬਰ 2024 – ਸ਼ੁੱਕਰਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਅੱਤਵਾਦੀਆਂ ਨੇ ਇੱਕ ਵਾਰ ਫਿਰ ਗੈਰ-ਕਸ਼ਮੀਰੀਆਂ ‘ਤੇ ਜਾਨਲੇਵਾ ਹਮਲਾ ਕੀਤਾ ਹੈ। ਬਡਗਾਮ ਦੇ ਮਝਾਮਾ ਪਿੰਡ ‘ਚ ਅੱਤਵਾਦੀਆਂ ਨੇ ਦੋ ਗੈਰ-ਕਸ਼ਮੀਰੀ ਲੋਕਾਂ ਨੂੰ ਗੋਲੀ ਮਾਰ ਦਿੱਤੀ। ਜ਼ਖਮੀ ਸੂਫੀਆਨ ਅਤੇ ਉਸਮਾਨ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਦੋਵੇਂ ਯੂਪੀ ਦੇ ਸਹਾਰਨਪੁਰ ਦੇ ਰਹਿਣ ਵਾਲੇ ਹਨ। ਉਹ ਬਡਗਾਮ ਵਿੱਚ ਜਲ ਜੀਵਨ ਪ੍ਰੋਜੈਕਟ ਵਿੱਚ ਕੰਮ ਕਰ ਰਹੇ ਸੀ।
ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਦੌਰਾਨ ਦੋਵਾਂ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦਾ ਇਲਾਜ ਜਾਰੀ ਹੈ। ਪਿਛਲੇ 12 ਦਿਨਾਂ ‘ਚ ਜੰਮੂ-ਕਸ਼ਮੀਰ ‘ਚ ਗੈਰ-ਕਸ਼ਮੀਰੀ ਲੋਕਾਂ ‘ਤੇ ਇਹ ਦੂਜਾ ਹਮਲਾ ਹੈ।
ਬਡਗਾਮ ਅੱਤਵਾਦੀ ਹਮਲੇ ‘ਤੇ ਸ੍ਰੀਨਗਰ ਦੇ ਸੰਸਦ ਮੈਂਬਰ ਰੂਹੁੱਲਾ ਮੇਹਦੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਵਿਧਾਨ ਸਭਾ ਚੋਣਾਂ ਤੋਂ ਤੁਰੰਤ ਬਾਅਦ ਹਮਲਿਆਂ ਵਿੱਚ ਤੇਜ਼ੀ ਆਈ ਹੈ।
ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਗੰਦਰਬਲ ਜ਼ਿਲ੍ਹੇ ਦੇ ਗਗਨਗੀਰ ਇਲਾਕੇ ‘ਚ ਅੱਤਵਾਦੀਆਂ ਨੇ 7 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਨ੍ਹਾਂ ‘ਚੋਂ ਇਕ ਡਾਕਟਰ ਦੀ ਪਛਾਣ ਸ਼ਾਹਨਵਾਜ਼ ਅਹਿਮਦ ਵਜੋਂ ਹੋਈ ਹੈ। ਇਸ ਤੋਂ ਪਹਿਲਾਂ 16 ਅਕਤੂਬਰ ਨੂੰ ਸ਼ੋਪੀਆਂ ‘ਚ ਅੱਤਵਾਦੀਆਂ ਨੇ ਇਕ ਗੈਰ-ਸਥਾਨਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।