- 828 ਸੂਚੀਬੱਧ ਹਸਪਤਾਲਾਂ ਵਿੱਚ 1579 ਟ੍ਰੀਟਮੈਂਟ ਪੈਕੇਜਿਸ ਲਈ ਦੂਜੇ ਅਤੇ ਤੀਜੇ ਦਰਜੇ ਦੀਆਂ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ
- ਯੋਗ ਲਾਭਪਾਤਰੀਆਂ ਨੂੰ 650 ਕਰੋੜ ਰੁਪਏ ਦੀ ਲਾਗਤ ਨਾਲ 5.71 ਲੱਖ ਨਕਦੀ-ਰਹਿਤ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ
ਚੰਡੀਗੜ੍ਹ, 22 ਫਰਵਰੀ 2021 – ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਮੂਹ ਲਾਭਪਾਤਰੀਆਂ ਨੂੰ ਸਰਬੱਤ ਸਹਿਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਈ-ਕਾਰਡ ਜਾਰੀ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 22 ਫਰਵਰੀ ਤੋਂ 28 ਫਰਵਰੀ ਤੱਕ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਇਕ ਨਿਸ਼ਚਿਤ ਸਮਾਂ-ਸੀਮਾ ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕਰਨ ਦਾ ਉਦੇਸ਼ ਤਾਂ ਹੀ ਪੂਰਾ ਹੋ ਸਕਦਾ ਹੈ ਜੇ ਅਸੀਂ ਈ-ਕਾਰਡ ਬਣਾਉਣ ਦੀਆਂ ਗਤੀਵਿਧੀਆਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਲਈ ਸਾਰੇ ਸੰਭਵ ਢੰਗ-ਤਰੀਕਿਆਂ ਦੀ ਪੜਤਾਲ ਕਰਦੇ ਹਾਂ ਅਤੇ ਸਾਰੇ ਪਲੇਟਫਾਰਮਾਂ ਦੀ ਵਰਤੋਂ ਕਰਦੇ ਹਾਂ।ਉਨ੍ਹਾਂ ਕਿਹਾ ਈ-ਕਾਰਡ ਬਣਾਉਣ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਹੇਠ ਪਿੰਡ ਅਤੇ ਬਲਾਕ ਪੱਧਰ `ਤੇ ਵਿਆਪਕ ਈ-ਕਾਰਡ ਜਨਰੇਸ਼ਨ ਕੈਂਪ ਲਗਾਏ ਗਏ ਹਨ।
ਸਰਬੱਤ ਸਿਹਤ ਬੀਮਾ ਯੋਜਨਾ ਦੀ ਮੌਜੂਦਾ ਸਥਿਤੀ `ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ 828 ਸੂਚੀਬੱਧ ਹਸਪਤਾਲਾਂ (ਸਰਕਾਰੀ: 208, ਪ੍ਰਾਈਵੇਟ: 587 ਅਤੇ ਭਾਰਤ ਸਰਕਾਰ: 33) ਵਿੱਚ 1579 ਟ੍ਰੀਟਮੈਂਟ ਪੈਕੇਜਿਸ ਲਈ ਦੂਜੇ ਅਤੇ ਤੀਜੇ ਦਰਜੇ (ਮਲਟੀ ਸਪੈਸ਼ਲਿਸਟ ਹਸਪਤਾਲਾਂ ਵਿੱਚ ਮਿਲਣ ਵਾਲੀਆਂ ਇਲਾਜ ਸੇਵਾਵਾਂ) ਦੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਯੋਜਨਾ ਅਧੀਨ ਹੁਣ ਤੱਕ 23 ਲੱਖ ਪਰਿਵਾਰਾਂ ਦੇ 49,26,863 ਈ-ਕਾਰਡ ਬਣਾਏ ਗਏ ਹਨ ਅਤੇ ਈ-ਕਾਰਡ ਬਣਾਉਣ ਦੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਜ਼ਰੀਏ ਇੱਕ ਅਭਿਆਸ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ 650 ਕਰੋੜ ਰੁਪਏ ਦੀ ਲਾਗਤ ਨਾਲ 5,71,924 ਨਕਦੀ ਰਹਿਤ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।
ਸ. ਸਿੱਧੂ ਨੇ ਕਿਹਾ ਕਿ ਯੋਗ ਲਾਭਪਾਤਰੀ ਆਪਣਾ ਈ-ਕਾਰਡ ਬਣਵਾਉਣ ਲਈ ਢੁੱਕਵੇਂ ਪਛਾਣ ਦਸਤਾਵੇਜ਼ਾਂ ਨਾਲ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਜਾਂ ਸੇਵਾ ਕੇਂਦਰਾਂ ਜਾਂ ਮਾਰਕੀਟ ਕਮੇਟੀਆਂ ਤੱਕ ਪਹੰੁਚ ਕਰਨ ਤਾਂ ਜੋ ਉਨ੍ਹਾਂ ਨੂੰ 5 ਲੱਖ ਰੁਪਏ ਤੱਕ ਦੀਆਂ ਨਕਦੀ ਰਹਿਤ ਇਲਾਜ ਸੇਵਾਵਾਂ ਦਾ ਲਾਭ ਮਿਲ ਸਕੇ।
ਜਿਨ੍ਹਾਂ ਲਾਭਪਾਤਰੀਆਂ ਕੋਲ ਪਰਿਵਾਰਕ ਦਸਤਾਵੇਜ਼ ਨਹੀਂ ਹਨ, ਨੂੰ ਰਾਹਤ ਪ੍ਰਦਾਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਸਰਪੰਚ/ਨਗਰ ਕੌਂਸਲਰ ਦੁਆਰਾ ਤਸਦੀਕ ਕੀਤਾ ਹੋਇਆ ਪਰਿਵਾਰਕ ਘੋਸ਼ਣਾ ਪੱਤਰ ਸੀ.ਐਸ.ਸੀਜ਼, ਸੇਵਾ ਕੇਂਦਰਾਂ ਜਾਂ ਮਾਰਕੀਟ ਕਮੇਟੀਆਂ ਵਿਖੇ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਫਾਰਮ ਵੈਬਸਾਈਟ www.sha.punjab.gov.in.`ਤੇ ਉਪਲਬਧ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਪੰਜਾਬ ਦੇ 39.57 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਲਾਭਪਾਤਰੀ ਪਰਿਵਾਰਾਂ ਵਿੱਚ ਸਮਾਰਟ ਰਾਸ਼ਨ ਕਾਰਡ ਧਾਰਕ, ਐਸ.ਈ.ਸੀ.ਸੀ. ਪਰਿਵਾਰ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸ਼ਾਮਲ ਹਨ।
ਉਪਰੋਕਤ ਕੇਂਦਰਾਂ ਦੀ ਸੂਚੀ ਵੇਖਣ ਅਤੇ ਆਪਣੀ ਯੋਗਤਾ ਦੀ ਜਾਂਚ ਲਈ ਕੋਈ ਵੀ ਵਿਅਕਤੀ ਅਧਿਕਾਰਤ ਵੈਬਸਾਈਟ www.sha.punjab.gov.in.`ਤੇ ਜਾ ਸਕਦਾ ਹੈ।