- ‘ਪੰਚਾਇਤੀ ਰਾਜ ਨੂੰ ਤਕੜਾ ਕਰ ਕੇ ਹੀ ਪਾਰਲੀਮਾਨੀ ਜਮਹੂਰੀਅਤ ਮਜ਼ਬੂਤ ਕੀਤੀ ਜਾ ਸਕਦੀ ਹੈ’
ਚੰਡੀਗੜ੍ਹ, 23 ਅਪ੍ਰੈਲ 2021 – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕੱਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਸੂਬੇ ਦੇ ਸਮੂਹ ਪੰਚਾਂ-ਸਰਪੰਚਾਂ ਅਤੇ ਹੋਰਨਾਂ ਪੰਚਾਇਤੀ ਰਾਜ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਪੰਚਾਇਤੀ ਰਾਜ ਨੂੰ ਤਕੜਿਆਂ ਕਰ ਕੇ ਹੀ ਮੁਲਕ ਵਿਚ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।
ਬਾਜਵਾ ਨੇ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਭ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਪੰਚਾਇਤੀ ਰਾਜ ਸੰਸਥਾਵਾਂ ਰਾਹੀਂ ਪਿੰਡਾਂ ਦੇ ਵਿਕਾਸ ਲਈ ਦਿਆਨਤਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਭਾਰਤ ਪਿੰਡਾਂ ਵਿਚ ਵਸਦਾ ਹੈ ਅਤੇ ਪਿੰਡਾਂ ਦਾ ਵਿਕਾਸ ਕਰ ਕੇ ਹੀ ਮੁਲਕ ਦਾ ਵਿਕਾਸ ਕੀਤਾ ਜਾ ਸਕਦਾ ਹੈ।
ਪੇਂਡੂ ਵਿਕਾਸ ਮੰਤਰੀ ਨੇ ਇਸ ਮੌਕੇ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਮੁਲਕ ਵਿਚ ਪੰਚਾਇਤੀ ਰਾਜ ਨੂੰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਮੁੱਢ ਬੰਨਿਆ ਸੀ।ਉਹਨਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਕਾਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਸ਼੍ਰੀ ਰਾਜੀਵ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਚਾਇਤੀ ਰਾਜ ਸੰਸਥਾਵਾਂ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਸੇਧ ਵੀ ਦੇਣ ਅਤੇ ਉਹਨਾਂ ਨੂੰ ਸਹਿਯੋਗ ਵੀ ਦੇਣ।
ਬਾਜਵਾ ਨੇ ਸੂਬੇ ਦੀਆਂ ਉਹਨਾਂ ਸਾਰੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵਧਾਈ ਦਿੱਤੀ ਹੈ ਜਿਨਾਂ ਨੂੰ ਅੱਜ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਵਲੋਂ ਵੱਖ ਵੱਖ ਖੇਤਰਾਂ ਵਿਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਪੁਰਸਕਾਰ ਦਿੱਤੇ ਜਾ ਰਹੇ ਹਨ।