- ਗੁਰਦਾਸਪੁਰ ਦੇ ਜ਼ਿਲ੍ਹਾ ਕਾਂਗਰਸ ਜਨਰਲ ਸਕੱਤਰ ਗੁਰਦੀਪ ਸਿੰਘ ਰੰਧਾਵਾ ਸਾਥੀਆਂ ਸਮੇਤ ‘ਆਪ’ ’ਚ ਸ਼ਾਮਲ
- ਮੋਹਾਲੀ ਖੇਤਰ ਨਾਲ ਸਬੰਧਿਤ ਸਮਾਜਿਕ ਕਾਰਕੁਨ ਅਤੇ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਦਲੇਰ ਸਿੰਘ ਮੁਲਤਾਨੀ ‘ਆਪ’ ’ਚ ਸ਼ਾਮਲ
- ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਹੋ ਰਹੇ ਨੇ ਸ਼ਾਮਲ : ਜਰਨੈਲ ਸਿੰਘ
ਚੰਡੀਗੜ੍ਹ, 21 ਜਨਵਰੀ 2021 – ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪੰਜਾਬ ਦੀਆਂ ਅੱਧੀ ਦਰਜਨ ਤੋਂ ਵੱਧ ਵੱਡੀਆਂ ਸ਼ਖ਼ਸੀਅਤਾਂ ਨੇ ‘ਆਪ’ ਵਿੱਚ ਸ਼ਾਮਲ ਦਾ ਐਲਾਨ ਕਰ ਦਿੱਤਾ। ਅੱਜ ਇੱਥੇ ਪਾਰਟੀ ਹੈੱਡਕੁਆਟਰ ਵਿਖੇ ਪਾਰਟੀ ਦੇ ਸੂਬਾ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਮਾਝੇ ਖੇਤਰ ਤੋਂ ਕਈ ਵੱਡੇ ਆਗੂ ‘ਆਪ’ ਵਿੱਚ ਸ਼ਾਮਲ ਹੋਏ। ਸੂਬੇ ਵਿੱਚ ਸੱਤਾਧਾਰੀ ਪਾਰਟੀ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਜ਼ਿਲ੍ਹਾ ਗੁਰਦਾਸਪੁਰ ਤੋਂ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਰੰਧਾਵਾ, ਅੰਮਿ੍ਰਤਸਰ ਜ਼ਿਲ੍ਹੇ ਦੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵਕੀਲ ਮਨਿੰਦਰ ਸਿੰਘ ਬਾਜਵਾ ਅਤੇ ਮੋਹਾਲੀ ਖੇਤਰ ਨਾਲ ਸਬੰਧਿਤ ਸਮਾਜਿਕ ਕਾਰਕੁਨ ਅਤੇ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਦਲੇਰ ਸਿੰਘ ਮੁਲਤਾਨੀ ਨੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਗੁਰਦਾਸਪੁਰ ਜ਼ਿਲ੍ਹੇ ਤੋਂ ਮਹਿੰਦਰ ਸਿੰਘ ਖੁਸ਼ਹਾਲਪੁਰ ਸਾਬਕਾ ਡਾਇਰੈਕਟਰ ਲਾਈਨਮਾਰ ਬੈਂਕ ਡੇਰਾ ਬਾਬਾ ਨਾਨਕ, ਰਾਜੂ ਮਸੀਹ ਸ਼ਾਹਪੁਰ ਡਾਇਰੈਕਟਰ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ, ਪਰਮਿੰਦਰ ਸਿੰਘ ਰੰਧਾਵਾ, ਰਮੇਸ਼ ਸਿੰਘ ਪੱਡਾ, ਮਨਪ੍ਰੀਤ ਸਿੰਘ ਪੱਡਾ, ਹਰੀ ਸਿੰਘ ਪੱਡਾ, ਅਮਨਦੀਪ ਸਿੰਘ ਪੱਡਾ ਨੇ ਵੀ ‘ਆਪ’ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਮੋਹਾਲੀ ਜ਼ਿਲ੍ਹੇ ਤੋਂ ਸਿਹਤ ਖੇਤਰ ਵਿੱਚ ਚੰਗਾ ਕੰਮ ਕਰਨ ਵਾਲੇ ਡਾਕਟਰ ਦਲੇਰ ਸਿੰਘ ਮੁਲਤਾਨੀ ਨੇ ਵੀ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਡਾਕਟਰ ਮੁਲਤਾਨੀ ਸਿਹਤ ਸਹੂਲਤਾਵਾਂ ਨੂੰ ਲੈ ਕੇ ਵੱਡੇ ਮੁੱਦੇ ਚੁੱਕਦੇ ਰਹੇ ਹਨ। ਉਨ੍ਹਾਂ ਵੱਲੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਕਈ ਵੱਡੇ ਮੁੱਦਿਆਂ ਨੂੰ ਉਠਾਉਂਦੇ ਹੋਏ ਸਰਕਾਰੀ ਨੀਤੀਆਂ ਦਾ ਪਰਦਾਫਾਸ਼ ਕੀਤਾ ਗਿਆ।
ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਉਸ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਕਰਕੇ ਅੱਜ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਦਾ ਕੱਦ ਉੱਚਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਨਵਾਂ ਪੰਜਾਬ ਸਿਰਜਣ ਲਈ ਜੋ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਉਮੀਦਾਂ ਹਨ, ਪਾਰਟੀ ਉਨ੍ਹਾਂ ਉੱਤੇ ਖਰਾ ਉੱਤਰੇਗੀ।
ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖ਼ਜ਼ਾਨਚੀ ਨੀਨਾ ਮਿੱਤਲ,ਮੋਹਾਲੀ ਜ਼ਿਲ੍ਹੇ ਤੋਂ ਸਾਬਕਾ ਜੱਜ ਜੋਰਾ ਸਿੰਘ, ਗੁਰਦਾਸਪੁਰ ਜ਼ਿਲ੍ਹੇ ਤੋਂ ਯੂਥ ਆਗੂ ਰਣਜੀਤ ਸਿੰਘ ਸੰਧੂ, ਪ੍ਰਭਜੋਤ ਕੌਰ ਆਦਿ ਹਾਜ਼ਰ ਸਨ।