ਚੰਡੀਗੜ੍ਹ, 5 ਫ਼ਰਵਰੀ 2021 – ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ 695.20 ਲੱਖ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਇਹ ਕਰਜ਼ੇ 494 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਗਏ ਹਨ।
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਾਲ 2020-2021 ਦੌਰਾਨ 1400 ਗਰੀਬ ਅਤੇ ਯੋਗ ਨੌਜਵਾਨਾਂ ਨੂੰ 2250 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ। ਹੁਣ ਤੱਕ 494 ਨੌਜਵਾਨਾਂ ਨੂੰ 695.20 ਲੱਖ ਦੇ ਕਰਜ਼ਾ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਅਤੇ ਹੋਰਨਾਂ ਨੌਜਵਾਨਾਂ ਨੂੰ ਕਰਜ਼ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ।
ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਲਗਭੱਗ 4 ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 6404 ਗ਼ਰੀਬ ਐਸ.ਸੀ. ਨੌਜਵਾਨਾਂ ਨੂੰ 5842.89 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਚੁੱਕੇ ਹਨ। ਜਿਨਾਂ ਨੂੰ ਪ੍ਰਾਪਤ ਕਰਕੇ ਉਹ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰ ਚੁੱਕੇ ਹਨ ਅਤੇ ਆਪਣਾ ਜੀਵਨ ਨਿਰਬਾਹ ਕਰ ਰਹੇ ਹਨ।
ਉਨਾਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜ਼ਾ ਕੇਸਾਂ ਦੇ ਛੇਤੀ ਨਿਪਟਾਰੇ ਲਈ 1 ਲੱਖ ਤੱਕ ਦੇ ਕਰਜ਼ੇ ਨੂੰ ਪ੍ਰਵਾਨ ਕਰਨ ਦਾ ਅਧਿਕਾਰ ਜ਼ਿਲਾ ਪੱਧਰ ’ਤੇ ਜ਼ਿਲਾ ਮੈਨੇਜਰਾਂ ਨੂੰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਕਰਜ਼ਾ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰਨ ਲਈ ਜ਼ਿਲ੍ਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਵੀ ਸੋਧ ਕੀਤੀ ਗਈ ਹੈ।
ਸ. ਧਰਮਸੋਤ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਦਾ ਮੁੱਖ ਮੰਤਵ ਅਨੁਸੂਚਿਤ ਜਾਤੀਆਂ ਅਤ ਅੰਗਹੀਣ ਲੋਕਾਂ ਨੂੰ ਘੱਟ ਵਿਆਜ ਦਜ ’ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ: ਡੇਅਰੀ ਫਾਰਮ, ਕਰਿਆਨਾ ਦੁਕਾਨ, ਸਟਰਿੰਗ ਦਾ ਕੰਮ, ਲੱਕੜ ਦਾ ਵਪਾਰ ਅਤੇ ਉਚੇਰੀ ਸਿੱਖਿਆ ਲਈ ਕਰਜ਼ੇ ਮੁਹੱਈਆ ਕਰਵਾਉਣਾ ਹੈ ਤਾਂ ਜੋ ਇਨਾਂ ਦੇ ਆਰਥਿਕ ਪੱਧਰ ਨੂੰ ਊਚਾ ਚੁੱਕਿਆ ਜਾ ਸਕੇ ਅਤੇ ਇਨਾਂ ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।