ਚੰਡੀਗੜ੍ਹ, 30 ਅਪ੍ਰੈਲ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਉੱਘੇ ਨੇਤਾ ਡਾ. ਜੋਗਿੰਦਰ ਦਿਆਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਹ 80 ਵਰਿਆਂ ਦੇ ਸਨ ਜੋ ਲੰਮੀ ਬਿਮਾਰੀ ਉਪਰੰਤ ਬੀਤੀ ਸ਼ਾਮ ਪੀ.ਜੀ.ਆਈ. ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਡਾ. ਜੋਗਿੰਦਰ ਦਿਆਲ ਨੂੰ ਜਨਤਕ ਹਿੱਤਾਂ ਨੂੰ ਪ੍ਰਣਾਈ ਹੋਈ ਸ਼ਖਸੀਅਤ ਕਰਾਰ ਦਿੱਤਾ ਜਿਨ੍ਹਾਂ ਨੇ ਹਮੇਸ਼ਾ ਹੀ ਸਮਾਜ ਦੇ ਦੱਬੇ-ਕੁਚਲੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਜਮਹੂਰੀ ਕਦਰਾਂ-ਕੀਮਤਾਂ ਨੂੰ ਸਮਰਪਿਤ ਮਹਾਨ ਆਗੂ ਡਾ. ਦਿਆਲ ਨੇ ਸੂਬੇ ਵਿਚ ਅਮਨ-ਸ਼ਾਂਤੀ, ਸਦਭਾਵਨਾ ਅਤੇ ਏਕਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਕਾਰਜ ਕੀਤੇ ਅਤੇ ਫਿਰਕੂ ਤੇ ਫੁੱਟਪਾਊ ਸ਼ਕਤੀਆਂ ਨੂੰ ਆੜੇ ਹੱਥੀਂ ਲਿਆ।
ਦੁਖੀ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।