ਚੰਡੀਗੜ੍ਹ, 7 ਅਪ੍ਰੈਲ 2021 – ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਜ ਭਵਨ ਵਿਖੇ ਆਯੋਜਿਤ ਇੱਕ ਵਰਚੁਅਲ ਸਮਾਰੋਹ ਵਿਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਮੁੱਖ ਵਿਜੀਲੈਂਸ ਕਮਿਸ਼ਨਰ ਅਤੇ ਅੰਮ੍ਰਿਤਪ੍ਰਤਾਪ ਸਿੰਘ ਸੇਖੋਂ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਵਜੋਂ ਸਹੁੰ ਚੁਕਾਈ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਆਪਣੇ ਦਫਤਰ ਤੋਂ ਰਾਜਪਾਲ ਤੋਂ ਸਹੁੰ ਚੁੱਕ ਸਮਾਗਮ ਸੁਰੂ ਕਰਨ ਦੀ ਆਗਿਆ ਮੰਗੀ। ਇਸ ਮੌਕੇ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦੇ ਮੁਖੀ ਵਜੋਂ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਦੇ ਨਾਮ ਦੀ ਸਿਫਾਰਸ ਕੀਤੀ । ਸਪੀਕਰ ਰਾਣਾ ਕੇ.ਪੀ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਚੋਣ ਕਮੇਟੀ ਨੇ ਜਸਟਿਸ ਗਿੱਲ ਦੇ ਨਾਮ ਨੂੰ ਮਨਜੂਰੀ ਦਿੱਤੀ।
ਅੰਮ੍ਰਿਤਪ੍ਰਤਾਪ ਸਿੰਘ ਸੇਖੋਂ ਸ੍ਰੀਮਤੀ ਪ੍ਰਨੀਤ ਕੌਰ ਦੇ ਓ.ਐਸ.ਡੀ. ਵਜੋਂ ਸੇਵਾ ਨਿਭਾ ਚੁੱਕੇ ਹਨ ਜਦੋਂ ਉਹ (ਸ੍ਰੀਮਤੀ ਪ੍ਰਨੀਤ ਕੌਰ) ਕੇਂਦਰੀ ਵਿਦੇਸ਼ ਰਾਜ ਮੰਤਰੀ ਸਨ। ਪਿਛਲੇ ਚਾਰ ਸਾਲ ਤੋਂ ਸੇਖੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ।