ਲੁਧਿਆਣਾ, 30 ਮਾਰਚ 2023 – ਭਾਵੇਂ ਪੰਜਾਬ ਸਰਕਾਰ ਲਗਾਤਾਰ ਦਾਅਵੇ ਕਰਦੀ ਰਹਿੰਦੀ ਹੈ ਕਿ ਸੂਬੇ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨਾਂ ਨੂੰ ਖ਼ਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਪਰ ਸੱਚਾਈ ਇਹ ਹੈ ਕਿ ਜੇਲ੍ਹਾਂ ਵਿੱਚ ਮੋਬਾਈਲ ਫ਼ੋਨਾਂ ਦੀ ਅੰਨ੍ਹੇਵਾਹ ਵਰਤੋਂ ਹੋ ਰਹੀ ਹੈ।
ਇਹੀ ਕਾਰਨ ਹੈ ਕਿ ਜੇਲ੍ਹ ਵਿੱਚੋਂ ਰੋਜ਼ਾਨਾ ਦਰਜਨਾਂ ਮੋਬਾਈਲ ਮਿਲ ਰਹੇ ਹਨ। ਇਸ ਵਾਰ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਦੌਰਾਨ 12 ਮੋਬਾਈਲ ਬਰਾਮਦ ਹੋਏ ਹਨ। ਜਿਸ ‘ਚੋਂ 4 ਕੈਦੀਆਂ ਅਤੇ ਹਵਾਲਾਤੀਆਂ ਦੇ ਕਬਜ਼ੇ ‘ਚੋਂ 4 ਮੋਬਾਈਲ ਬਰਾਮਦ ਹੋਏ | ਜਦੋਂ ਕਿ 8 ਮੋਬਾਈਲ ਫੋਨ ਲਾਵਾਰਸ ਹਾਲਤ ਵਿੱਚ ਪਏ ਮਿਲੇ ਹਨ।
ਹੁਣ ਥਾਣਾ ਡਿਵੀਜ਼ਨ ਨੰਬਰ 7 ਦੀ ਤਾਜਪੁਰ ਚੌਂਕੀ ਦੀ ਪੁਲੀਸ ਨੇ 4 ਕੈਦੀਆਂ ਅਤੇ ਹਵਾਲਾਤੀਆਂ ਸਣੇ 8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ 3 ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੌਲਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲੀਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਹਰਬੰਸ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਾਮਜ਼ਦ ਕੀਤਾ ਹੈ।
ਪੁਲੀਸ ਨੂੰ ਭੇਜੀ ਰਿਪੋਰਟ ਵਿੱਚ ਉਨ੍ਹਾਂ ਦੱਸਿਆ ਕਿ 27 ਮਾਰਚ ਨੂੰ ਕੇਂਦਰੀ ਜੇਲ੍ਹ ਵਿੱਚ ਕੀਤੀ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿੱਚੋਂ 8 ਮੋਬਾਈਲ ਫੋਨ ਬਰਾਮਦ ਹੋਏ ਸਨ। ਏਐਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਦੂਜੇ ਮਾਮਲੇ ਵਿੱਚ ਪੁਲੀਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸਤਨਾਮ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਬਲਰਾਮ ਕੁਮਾਰ, ਨੀਰਜ ਕੁਮਾਰ ਅਤੇ ਬਲਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਆਪਣੀ ਰਿਪੋਰਟ ਵਿੱਚ ਦੱਸਿਆ ਕਿ 27 ਮਾਰਚ ਨੂੰ ਕੀਤੀ ਤਲਾਸ਼ੀ ਦੌਰਾਨ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3 ਮੋਬਾਈਲ ਫੋਨ ਬਰਾਮਦ ਹੋਏ ਸਨ।
ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਤੀਜੇ ਮਾਮਲੇ ਵਿੱਚ ਪੁਲੀਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਕਸ਼ਮੀਰ ਸਿੰਘ ਦੀ ਸ਼ਿਕਾਇਤ ’ਤੇ ਹਵਾਲਾਤੀ ਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਆਪਣੀ ਰਿਪੋਰਟ ਵਿੱਚ ਦੱਸਿਆ ਕਿ 28 ਮਾਰਚ ਨੂੰ ਕੀਤੀ ਤਲਾਸ਼ੀ ਦੌਰਾਨ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਮੋਬਾਈਲ ਫ਼ੋਨ ਬਰਾਮਦ ਹੋਇਆ ਸੀ।