- ਭਵਿੱਖ ਵਿੱਚ ਸਾਰੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਮਿਲੇਗਾ ਵਜ਼ੀਫਾ: ਡਾ. ਬਲਜੀਤ ਕੌਰ
ਚੰਡੀਗੜ੍ਹ, 30 ਅਪ੍ਰੈਲ 2022 – ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਦੀ ਰਾਸ਼ੀ ਵੰਡ ਦਿੱਤੀ ਹੈ ਅਤੇ ਇਹ ਰਾਸ਼ੀ ਪਹਿਲਾਂ ਹੀ ਸਿੱਧੇ ਭੁਗਤਾਨ ਪ੍ਰਣਾਲੀ (ਡੀ.ਬੀ.ਟੀ.) ਸਕੀਮ ਅਧੀਨ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਦੇ ਦਿਨ ਹੀ ਉੱਚ ਅਧਿਕਾਰੀਆਂ ਨੂੰ ਮਾਰਚ 2022 ਤੱਕ ਬਕਾਇਆ ਪਏ ਵਜ਼ੀਫਿਆਂ ਦੀ ਵੰਡ ਨੂੰ ਹਰ ਹੀਲੇ ਨਿਪਟਾਉਣ ਦੇ ਨਿਰਦੇਸ਼ ਦਿੱਤੇ ਸਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਨੂੰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਹੁਣ 179.54 ਕਰੋੜ ਰੁਪਏ ਦੀ ਰਾਸ਼ੀ 1,90,197 ਲਾਭਪਾਤਰੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਗਈ ਹੈ।
ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਗ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਸਮੇਂ ਸਿਰ ਵਜ਼ੀਫਾ ਮਿਲਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਤਰਜੀਹੀ ਖੇਤਰ ਨੂੰ ਸੁਰਜੀਤ ਕਰਨ ਲਈ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਅਪਣਾਇਆ ਜਾਵੇਗਾ ਅਤੇ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣ ਲਈ ਪਹਿਲਾਂ ਹੀ ਸਮਝੌਤਿਆਂ `ਤੇ ਦਸਤਖਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਤਕਨੀਕਾਂ ਲੈ ਕੇ ਆਵਾਂਗੇ।