ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

  • ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ
  • ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ

ਚੰਡੀਗੜ੍ਹ, 17 ਫਰਵਰੀ 2024 – ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਹੈ।

ਮੰਤਰੀ ਨੇ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਮਾਰਚ 2024 ਤੱਕ ਘੱਟੋ ਘੱਟ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਕਿ ਵਿਭਾਗ ਵੱਲੋਂ ਨਵੰਬਰ 2023 ਤੱਕ ਹੀ ਪੂਰਾ ਕਰ ਲਿਆ ਸੀ ਅਤੇ ਜਨਵਰੀ 2024 ਤੱਕ ਲਗਭਗ 1 ਲੱਖ 16 ਹਜਾਰ ਔਰਤਾਂ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜੋ ਆਧਾਰ ਕਾਰਡ ਨਾਲ ਜੁੜਿਆ ਹੋਣਾ ਲਾਜ਼ਮੀ ਹੈ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਆਗੂਆਂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਢਿੱਲੋਂ ਦੇ ਘਰਾਂ ਅੱਗੇ ਧਰਨੇ

‘ਦੰਗਲ’ ‘ਚ ਬਬੀਤਾ ਫੋਗਾਟ ਦਾ ਰੋਲ ਨਿਭਾਉਣ ਵਾਲੀ ਸੁਹਾਨੀ ਭਟਨਾਗਰ ਦਾ ਦੇਹਾਂਤ, 19 ਸਾਲ ਦੀ ਉਮਰ ‘ਚ ਲਏ ਆਖਰੀ ਸਾਹ