- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਅੰਮ੍ਰਿਤਸਰ, 23 ਅਗਸਤ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਮਾਲਦਾ (ਪੱਛਮੀ ਬੰਗਾਲ) ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਜਾਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।
ਇਸ ਮੌਕੇ ਬਾਬਾ ਗੁਰਮੇਲ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਜਗਸੀਰ ਸਿੰਘ ਮਾਂਗੇਆਣਾ, ਡਾ. ਸਤਨਾਮ ਸਿੰਘ ਆਹਲੂਵਾਲੀਆ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਰਵਾਨਗੀ ਤੋਂ ਪਹਿਲਾਂ ਬਾਬਾ ਗੁਰਮੇਲ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੌਰਾਨ ਵਿਸ਼ੇਸ ਬੱਸ ਰਾਹੀਂ ਜਿਥੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਹਨ। ਦੂਰ ਦੂਰ ਤੋਂ ਸੰਗਤਾਂ ਰਸਤੇ ਵਿਚ ਵੱਖ ਵੱਖ ਪੜਾਵਾਂ ’ਤੇ ਪਹੁੰਚ ਕੇ ਉਤਸ਼ਾਹ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰ ਰਹੀਆਂ ਹਨ। ਜਿਥੇ ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ, ਉਥੇ ਜੰਗੀਪੁਰ ਵਿਖੇ ਪੰਜਾਬੀ ਢਾਬੇ ਦੇ ਮਾਲਕ ਭਾਈ ਮਨਜੀਤ ਸਿੰਘ ਅਤੇ ਪਰਿਵਾਰ ਵੱਲੋਂ ਸੰਗਤਾਂ ਲਈ ਲੰਗਰਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
ਇਹ ਨਗਰ ਕੀਰਤਨ ਅੱਜ ਮਾਲਦਾ ਤੋਂ ਚੱਲ ਕੇ ਜੰਗੀਪੁਰ, ਬੈਰਲਪੁਰ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਕਲਕੱਤਾ ਪੁੱਜਾ, ਜਿਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। 24 ਅਗਸਤ ਨੂੰ ਇਹ ਸ਼ਹੀਦੀ ਨਗਰ ਕੀਰਤਨ ਕਲਕੱਤਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਰਾਮ ਸਿੰਘ ਰਾਠੌਰ ਮੁੰਬਈ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਭੋਲਾ ਸਿੰਘ, ਬਾਬਾ ਗੁਰਨਾਮ ਸਿੰਘ, ਮੁਖਤਿਆਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
