ਚੰਡੀਗੜ੍ਹ, 4 ਸਤੰਬਰ 2025 – ਪੰਜਾਬ ਇਸ ਸਮੇਂ 1988 ਤੋਂ ਬਾਅਦ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਭਾਰੀ ਬਾਰਸ਼ ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਛੱਡੇ ਗਏ ਪਾਣੀ ਕਾਰਨ ਸੂਬੇ ਦੀਆਂ ਮੁੱਖ ਨਦੀਆਂ ਸਤਲੁਜ, ਬਿਆਸ ਅਤੇ ਰਾਵੀ ਵੀ ਓਵਰਫਲੋ ਹੋ ਰਹੀਆਂ ਹਨ ਅਤੇ ਕਈ ਥਾਵਾਂ ਤੋਂ ਦਰਿਆਵਾਂ ਨੂੰ ਪਾੜ ਵੀ ਪਿਆ ਹੋ। ਮੌਸਮੀ ਨਾਲੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੇ ਹਨ। ਹੁਣ ਤੱਕ ਹੜ੍ਹਾਂ ਵਿੱਚ 37 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3.5 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਦੋਂ ਕਿ 1,655 ਦੇ ਕਰੀਬ ਪਿੰਡ ਪਾਣੀ ਵਿੱਚ ਡੁੱਬ ਗਏ ਹਨ।
ਹੜ੍ਹਾਂ ਕਾਰਨ ਪੰਜਾਬ ਵਿੱਚ 1.48 ਲੱਖ ਹੈਕਟੇਅਰ ਤੋਂ ਵੱਧ ਖੜ੍ਹੀਆਂ ਫਸਲਾਂ ਤਬਾਹ ਹੋ ਗਈਆਂ ਹਨ। ਕਿਸਾਨਾਂ ਨੂੰ ਪਸ਼ੂਆਂ ਦੇ ਨੁਕਸਾਨ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਘਰ ਜ਼ਮੀਨਦੋਜ਼ ਹੋ ਗਏ ਹਨ ਜਾਂ ਪਾਣੀ ਵਿੱਚ ਵਹਿ ਗਏ ਹਨ। ਕਈ ਇਲਾਕਿਆਂ ਵਿੱਚ ਖੇਤ ਤਲਾਅ ਅਤੇ ਝੀਲਾਂ ਵਿੱਚ ਬਦਲ ਗਏ ਹਨ, ਜਿਨ੍ਹਾਂ ਦੀ ਡੂੰਘਾਈ 8 ਤੋਂ 10 ਫੁੱਟ ਤੱਕ ਪਹੁੰਚ ਗਈ ਹੈ। ਪਿੰਡ ਵਾਸੀ ਕਿਸ਼ਤੀਆਂ ਦੀ ਮਦਦ ਨਾਲ ਕਿਤੇ ਆ-ਜਾ ਰਹੇ ਹਨ।
ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚੋਂ ਹਨ। ਪ੍ਰਸ਼ਾਸਨ ਨੇ ਕਈ ਰਾਹਤ ਕੈਂਪ ਸਥਾਪਤ ਕੀਤੇ ਹਨ, ਪਰ ਬਹੁਤ ਸਾਰੇ ਲੋਕ ਅਜੇ ਵੀ ਆਪਣੇ ਪਸ਼ੂਆਂ ਅਤੇ ਘਰਾਂ ਦੇ ਨੇੜੇ ਛੱਤਾਂ ਜਾਂ ਉੱਚੀਆਂ ਥਾਵਾਂ ‘ਤੇ ਡੇਰੇ ਲਾ ਕੇ ਬੈਠੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਸਰਕਾਰ ਨੇ ਇੱਕ ਵਿਸ਼ੇਸ਼ ਗਿਰਦਾਵਰੀ (ਨੁਕਸਾਨ ਮੁਲਾਂਕਣ ਸਰਵੇਖਣ) ਸ਼ੁਰੂ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਮਿਲੇਗਾ। ਮਾਨ ਨੇ ਕਿਹਾ, “ਜਦੋਂ ਵੀ ਦੇਸ਼ ਸੰਕਟ ਵਿੱਚ ਸੀ, ਪੰਜਾਬ ਨੇ ਸਾਥ ਦਿੱਤਾ। ਅੱਜ ਪੰਜਾਬ ਸੰਕਟ ਵਿੱਚ ਹੈ, ਦੇਸ਼ ਨੂੰ ਸਾਡੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ।”
ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ। ਇਸ ਤੋਂ ਪਹਿਲਾਂ, ਮਨੀਸ਼ ਸਿਸੋਦੀਆ ਨੇ ਤਰਨਤਾਰਨ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਜਦੋਂ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਹਤ ਕਾਰਜਾਂ ਲਈ ਆਪਣੇ ਸਥਾਨਕ ਖੇਤਰ ਵਿਕਾਸ ਫੰਡ ਵਿੱਚੋਂ 3.25 ਕਰੋੜ ਰੁਪਏ ਦਿੱਤੇ ਹਨ।
ਪੰਜਾਬ ਦੇ ਕਲਾਕਾਰਾਂ ਅਤੇ ਸਮਾਜਿਕ ਸੰਗਠਨਾਂ ਨੇ ਵੀ ਮਦਦ ਦਾ ਹੱਥ ਵਧਾਇਆ ਹੈ। ਸੋਨੂੰ ਸੂਦ, ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਕਰਨ ਔਜਲਾ, ਅੰਮੀ ਵਿਰਕ ਅਤੇ ਰਣਜੀਤ ਬਾਵਾ ਵਰਗੇ ਕਲਾਕਾਰ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।
ਸਰਕਾਰੀ ਏਜੰਸੀਆਂ ਦੇ ਨਾਲ-ਨਾਲ ਕਈ ਗੈਰ-ਸਰਕਾਰੀ ਸੰਗਠਨ ਅਤੇ ਸਿੱਖ ਸੰਗਠਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 7 ਸਤੰਬਰ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ, ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1677.84 ਫੁੱਟ ਤੱਕ ਪਹੁੰਚ ਗਿਆ ਹੈ, ਜੋ ਕਿ 1680 ਫੁੱਟ ਦੀ ਵੱਧ ਤੋਂ ਵੱਧ ਸਮਰੱਥਾ ਦੇ ਬਹੁਤ ਨੇੜੇ ਹੈ।
