ਮਾਨਸਾ, 17 ਅਕਤੂਬਰ 2023 – ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਨੇੜੇ ਮੂਸਾ ਬਰਾਂਚ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਵਿੱਚ ਪਾਣੀ ਭਰ ਗਿਆ ਹੈ। ਪੱਕੇ ਹੋਏ ਝੋਨੇ ਦੀ ਫ਼ਸਲ ਵਿੱਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਪਰ ਕਿਸਾਨਾਂ ਵੱਲੋਂ ਦੋਸ਼ ਲਾਏ ਜਾ ਰਹੇ ਹਨ ਕਿ ਹੁਣ ਤੱਕ ਵਿਭਾਗ ਵੱਲੋਂ ਇਸ ਪਾੜ ਨੂੰ ਬੰਦ ਕਰਵਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ।
ਕਿਸਾਨ ਬਲਦੇਵ ਸਿੰਘ, ਟਹਿਲ ਸਿੰਘ ਅਤੇ ਕਿਸਾਨ ਆਗੂ ਮਹਿੰਦਰ ਸਿੰਘ ਨੇ ਦੱਸਿਆ ਕਿ ਹਰ ਵਾਰ ਇੱਥੋਂ ਹੀ ਰਜਬਾਹੇ ’ਚ ਦਰਾੜ ਪੈਂਦੀ ਹੈ। ਹਰ ਸਾਲ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਖ਼ਰਾਬ ਹੋ ਜਾਂਦੀਆਂ ਹਨ। ਇਸ ਵਾਰ ਵੀ ਰਜਬਾਹਾ ਦੀ ਸਫ਼ਾਈ ਨਾ ਹੋਣ ਕਾਰਨ 40 ਫੁੱਟ ਦੇ ਕਰੀਬ ਪਾੜ ਪੈ ਗਿਆ ਹੈ, ਜਿਸ ਕਾਰਨ ਪਾਣੀ ਲਗਾਤਾਰ ਕਿਸਾਨਾਂ ਦੀਆਂ ਫ਼ਸਲਾਂ ਵੱਲ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 100 ਏਕੜ ਦੇ ਕਰੀਬ ਫ਼ਸਲ ਹੜ੍ਹ ਦੀ ਲਪੇਟ ਵਿੱਚ ਆ ਚੁੱਕੀ ਹੈ।
ਝੋਨੇ ਦੀ ਕਟਾਈ ਕੁਝ ਦਿਨਾਂ ਬਾਅਦ ਕੀਤੀ ਜਾਣੀ ਸੀ ਪਰ ਪਾਣੀ ਭਰ ਜਾਣ ਕਾਰਨ ਸਾਰੀ ਫ਼ਸਲ ਜ਼ਮੀਨ ’ਤੇ ਵਿਛ ਗਈ ਹੈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਰਜਬਾਹੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਪਰ ਅਜੇ ਤੱਕ ਕੋਈ ਅਧਿਕਾਰੀ ਮੌਕੇ ’ਤੇ ਨਹੀਂ ਪੁੱਜਿਆ।
ਕਿਸਾਨਾਂ ਨੇ ਡਿਪਟੀ ਕਮਿਸ਼ਨਰ ਤੋਂ ਮੌਕੇ ’ਤੇ ਅਧਿਕਾਰੀ ਭੇਜਣ ਦੀ ਮੰਗ ਕੀਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਕਿਸਾਨਾਂ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ।